ਮੋਹਾਲੀ, 17 ਨਵੰਬਰ, 2026: ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਇਸ ਮੌਕੇ ਮੋਹਾਲੀ ਦੇ ਪਿੰਡ ਬਦਰਪੁਰ ‘ਚ ਕਰਵਾਏ ਗਏ ‘ਖੇਤ ਬਚਾਓ ਮੁਹਿੰਮ’ ਪ੍ਰੋਗਰਾਮ ‘ਚ ਸ਼ਾਮਲ ਹੋਏ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ।
ਸ਼ਿਵਰਾਜ ਸਿੰਘ ਚੌਹਾਨ ਦੇ ਹਵਾਈ ਅੱਡੇ ‘ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਜਦੋਂ ਵੀ ਉਹ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦਾ ਮਨ ਖੁਸ਼ੀ ਤੇ ਸ਼ਰਧਾ ਨਾਲ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ ਕਿਸਾਨਾਂ ਦੀ ਸੇਵਾ ਕਰਨ ਲਈ ਆਏ ਹਨ।
ਇਸ ਮੌਕੇ ਕੇਂਦਰੀ ਮੰਤਰੀ ਨੇ ਐਲਾਨ ਕੀਤਾ ਕਿ ਵੱਖ-ਵੱਖ ਯੋਜਨਾਵਾਂ ਤਹਿਤ ਪੰਜਾਬ ਦੇ ਕਿਸਾਨਾਂ ਨੂੰ 254 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਵੀ ਸੌਂਪੇ ਜਾਣਗੇ। ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ‘ਚ ਬਾਗਬਾਨੀ ਫਸਲਾਂ ਦੇ ਉਤਪਾਦਨ ‘ਚ ਹੋਏ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਕੇਂਦਰੀ ਮੰਤਰੀ ਮੁਤਾਬਕ ਸਾਲ 2025-26 ਦੇ ਤੀਜੇ ਅਗਾਊਂ ਅਨੁਮਾਨ ਮੁਤਾਬਕ ਦੇਸ਼ ‘ਚ ਬਾਗਬਾਨੀ ਫਸਲਾਂ ਦਾ ਕੁੱਲ ਉਤਪਾਦਨ 3,869.15 ਲੱਖ ਟਨ ਹੋਣ ਦੀ ਉਮੀਦ ਹੈ। ਇਹ ਸਾਲ 2024-25 ਦੇ 3,707.38 ਲੱਖ ਟਨ ਦੇ ਮੁਕਾਬਲੇ 4.36 ਫੀਸਦੀ ਵੱਧ ਹੈ।
Read More: ਪਟਿਆਲਾ ਨਗਰ ਨਿਗਮ ਚੋਣਾਂ ਲਈ ਭਾਜਪਾ ਵੱਲੋਂ 30 ਉਮੀਦਵਾਰਾਂ ਦਾ ਐਲਾਨ




