ਚੰਡੀਗੜ੍ਹ,13 ਫਰਵਰੀ 2024: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ (Farmers) ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨਾਂ ਦੀ ਪੂਰੀ ਤਿਆਰੀ ਕਰ ਲਈ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਜਥੇਬੰਦੀਆਂ ਦਿਖਾਈ ਦੇਣ ਲੱਗ ਪਈਆਂ ਹਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਸੜਕਾਂ ‘ਤੇ ਉਤਰ ਆਏ ਹਨ।
ਹਰਿਆਣਾ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕੀਤਾ ਗਿਆ ਹੈ | ਸਥਿਤੀ ਨੂੰ ਕਾਬੂ ਕਰਨ ਲਈ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸ਼ੰਭੂ ਸਰਹੱਦ ‘ਤੇ 10 ਹਜ਼ਾਰ ਦੇ ਕਰੀਬ ਕਿਸਾਨ (Farmers) ਇੱਥੇ ਹਨ। ਕਿਸਾਨ ਇੱਥੇ ਸ਼ਾਂਤਮਈ ਸਥਿਤੀ ਬਣਾ ਰਹੇ ਹਨ, ਪਰ ਡਰੋਨ ਰਾਹੀਂ ਸਾਡੇ ਵਿਰੁੱਧ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ। ਪਰ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ।
ਪੁਲਿਸ ਨੇ ਮਿਰਚਾਂ ਨਾਲ ਭਰੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਇਸ ਦੇ ਨਾਲ ਹੀ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਵੀ ਛੱਡ ਰਹੀ ਹੈ | ਕਿਸਾਨਾਂ ਨੇ ਹਰਿਆਣਾ-ਪੰਜਾਬ ਸ਼ੰਭੂ ਸਰਹੱਦ ‘ਤੇ ਫਲਾਈਓਵਰ ਸੁਰੱਖਿਆ ਬੈਰੀਅਰ ਤੋੜ ਦਿੱਤੇ। ਇਸ ਸਮੇਂ ਹਜ਼ਾਰਾਂ ਅੰਦੋਲਨਕਾਰੀ ਸ਼ੰਭੂ ਸਰਹੱਦ ‘ਤੇ ਮੌਜੂਦ ਹਨ।




