ਚੰਡੀਗੜ੍ਹ, 30 ਜੁਲਾਈ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਦਿਨ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅ.ਤਿ.ਵਾ.ਦੀ ਕਹਿਣ ਦੀ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਰਤ ਦਾ ਸੱਭਿਆਚਾਰ ਕੁਰਬਾਨੀਆਂ ’ਤੇ ਆਧਾਰਿਤ ਹੈ। ਸਿੱਖਾਂ ਬਾਰੇ ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਸਬੰਧਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਐਡਵੋਕੇਟ ਧਾਮੀ (Harjinder Singh Dhami) ਨੇ ਕਿਹਾ ਕਿ ਸਿੱਖ ਹਮੇਸ਼ਾ ਸਾਰਿਆਂ ਦੇ ਭਲੇ ਦੀ ਕਾਮਨਾ ਕਰਦੇ ਹਨ। ਕੁਦਰਤੀ ਆਫ਼ਤਾਂ ਦੌਰਾਨ ਸਿੱਖਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ‘ਚ ਘੱਟ ਗਿਣਤੀਆਂ ਅਤੇ ਖਾਸ ਕਰਕੇ ਸਿੱਖਾਂ ‘ਤੇ ਨਫ਼ਰਤੀ ਹਮਲੇ ਕੀਤੇ ਜਾ ਰਹੇ ਹਨ। ਫਿਰਕੂ ਮਾਨਸਿਕਤਾ ਵਾਲੇ ਕੁਝ ਲੋਕ ਅਜਿਹੇ ਕੰਮ ਕਰਕੇ ਸਮਾਜਿਕ ਭਾਈਚਾਰੇ ਨੂੰ ਵੀ ਠੇਸ ਪਹੁੰਚਾਉਂਦੇ ਹਨ ਜੋ ਦੇਸ਼ ਦੇ ਹਿੱਤ ‘ਚ ਨਹੀਂ ਹਨ।