June 24, 2024 6:54 pm
Shiromani Akali Dal

ਯੂ ਟੀ ਪ੍ਰਸ਼ਾਸਨ ਲਖਵਿੰਦਰ ਸਿੰਘ ਲੱਖਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਲਈ ਮਨਾਵੇ: ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ 12 ਅਗਸਤ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲਖਵਿੰਦਰ ਸਿੰਘ ਲੱਖਾ (Lakhwinder Singh Lakha) ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਲਈ ਮਨਾਉਣ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਲੱਖਾ ਦੀ ਭੁੱਖ ਹੜਤਾਲ 17ਵੇਂ ਦਿਨ ਵਿਚ ਦਾਖਲ ਹੋ ਗਈ ਹੈ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਬਿਆਨ ਵਿਚ ਕਿਹਾ ਕਿ ਲਖਵਿੰਦਰ ਸਿੰਘ ਲੱਖਾ ਦੀ ਸਿਹਤ ਵਿਗੜ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਲਖਵਿੰਦਰ ਲੱਖਾ ਨੂੰ ਕੁਝ ਹੋ ਗਿਆ ਤਾਂ ਫਿਰ ਯੂ ਟੀ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ।

ਡਾ. ਚੀਮਾ ਨੇ ਲੱਖਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖਤਮ ਕਰਨ ਅਤੇ ਕਿਹਾ ਕਿ ਅਕਾਲੀ ਦਲ ਬੰਦੀ ਸਿੰਘਾਂ ਦੀ ਛੇਤੀ ਰਿਹਾਈ ਵਾਸਤੇ ਪੁਰਜ਼ੋਰ ਯਤਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਤੁਸੀਂ ਪਹਿਲਾਂ ਹੀ ਬਹੁਤ ਸਰੀਰਕ ਤੇ ਮਾਨਸਿਕ ਤਸ਼ੱਦਦ ਝੱਲਿਆ ਹੈ। ਸਾਰੀ ਕੌਮ ਤੁਹਾਡੇ ਨਾਲ ਹੈ ਪਰ ਤੁਸੀਂ ਕ੍ਰਿਪਾ ਕਰ ਕੇ ਆਪਣੀ ਭੁੱਖ ਹੜਤਾਲ ਖਤਮ ਕਰੋ।

ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁੁਖਬੀਰ ਸਿੰਘ ਬਾਦਲ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਆਜ਼ਾਦੀ ਦੇ 75ਵੇਂ ਦਿਹਾੜੇ ’ਤੇ ਉਹਨਾਂ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਜਿਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਬਦਲਣ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾਕਿ ਇਹ ਵਾਅਦਾ ਹਾਲੇ ਪੂਰਾ ਨਹੀਂ ਹੋਇਆ।