ਚੰਡੀਗੜ੍ਹ, 29 ਅਪ੍ਰੈਲ 2024: ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਦੋ ਵੱਡੇ ਮਾਮਲਿਆਂ ‘ਚ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ। ਇਨ੍ਹਾਂ ਵਿੱਚੋਂ ਇੱਕ ਮਾਮਲਾ ਉੱਤਰਾਖੰਡ (Uttarakhand) ਦੇ ਜੰਗਲਾਂ ਵਿੱਚ ਲੱਗੀ ਅੱਗ ਨਾਲ ਸਬੰਧਤ ਹੈ। ਦਰਅਸਲ ਅਦਾਲਤ ‘ਚ ਇਕ ਪਟੀਸ਼ਨ ਦਾ ਹਵਾਲਾ ਦਿੰਦੇ ਹੋਏ ਜੰਗਲ ਦੀ ਅੱਗ ਦੇ ਮੁੱਦੇ ‘ਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਗਈ ਸੀ। ਇਸ ‘ਤੇ ਅਦਾਲਤ ਨੇ ਵਕੀਲ ਨੂੰ ਈ-ਮੇਲ ਭੇਜਣ ਲਈ ਕਿਹਾ ਅਤੇ ਇਸ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ‘ਤੇ ਵਕੀਲ ਨੇ ਕਿਹਾ ਕਿ ਜੰਗਲਾਂ ਦੀ ਅੱਗ ਸਬੰਧੀ ਤਿੰਨ ਪਟੀਸ਼ਨਾਂ ਪਿਛਲੇ ਚਾਰ ਸਾਲਾਂ ਤੋਂ ਸੁਪਰੀਮ ਕੋਰਟ ‘ਚ ਲੰਬਿਤ ਹਨ।
ਦੂਜੇ ਪਾਸੇ ਪੱਛਮੀ ਬੰਗਾਲ ਦੇ ਬੀਰਭੂਮ ਤੋਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਲੋਂ ਨਾਮਜ਼ਦ ਕੀਤੇ ਗਏ ਦੇਬਾਸ਼ੀਸ਼ ਧਰ ਨੇ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਦੇਬਾਸ਼ੀਸ਼ ਦੀ ਇਸ ਪਟੀਸ਼ਨ ‘ਤੇ ਵਿਚਾਰ ਕਰਨ ਦੀ ਗੱਲ ਕਹੀ ਹੈ।