ਪ੍ਰਦੂਸ਼ਣ ਕੰਟਰੋਲ ਬੋਰਡ

ਪ੍ਰਦੂਸ਼ਣ ਕੰਟਰੋਲ ਬੋਰਡਾਂ ‘ਚ ਖਾਲੀ ਅਸਾਮੀਆਂ ਨੂੰ 3 ਮਹੀਨਿਆਂ ਭਰੀਆਂ ਜਾਣ: ਸੁਪਰੀਮ ਕੋਰਟ

ਦਿੱਲੀ, 17 ਸਤੰਬਰ 2025: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM), ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਯੋਜਨਾ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।

ਪਰੀਮ ਕੋਰਟ ਨੇ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਯੋਜਨਾ ਮੰਗੀ, ਜਦੋਂ ਪ੍ਰਦੂਸ਼ਣ ਦਾ ਪੱਧਰ ਵਧਦਾ ਰਹਿੰਦਾ ਹੈ। ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਪ੍ਰਦੂਸ਼ਣ ਕੰਟਰੋਲ ਬੋਰਡਾਂ ‘ਚ ਖਾਲੀ ਅਸਾਮੀਆਂ ‘ਤੇ ਵੀ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਸੂਬਿਆਂ ਨੂੰ ਝਾੜ ਪਾਈ।

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਵਰਗੇ ਸੂਬਿਆਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡਾਂ ‘ਚ ਖਾਲੀ ਅਸਾਮੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਭਰਨ ਦਾ ਨਿਰਦੇਸ਼ ਦਿੱਤਾ। ਬੈਂਚ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੂੰ ਆਪਣੇ-ਆਪਣੇ ਬੋਰਡਾਂ ‘ਚ ਖਾਲੀ ਅਸਾਮੀਆਂ ਭਰਨ ਦਾ ਵੀ ਨਿਰਦੇਸ਼ ਦਿੱਤਾ। ਹਾਲਾਂਕਿ, ਅਦਾਲਤ ਨੇ ਤਰੱਕੀ ਦੀਆਂ ਅਸਾਮੀਆਂ ਨੂੰ ਭਰਨ ਲਈ ਛੇ ਮਹੀਨੇ ਦਾ ਸਮਾਂ ਦਿੱਤਾ।

CAQM ਕੇਂਦਰ ਸਰਕਾਰ ਦੁਆਰਾ ਗਠਿਤ ਇੱਕ ਕਾਨੂੰਨੀ ਸੰਸਥਾ ਹੈ ਅਤੇ ਇਸਦਾ ਮੁੱਖ ਉਦੇਸ਼ ਰਾਸ਼ਟਰੀ ਰਾਜਧਾਨੀ ਖੇਤਰ (NCR) ਅਤੇ ਇਸਦੇ ਨਾਲ ਲੱਗਦੇ ਖੇਤਰਾਂ ‘ਚ ਹਵਾ ਦੀ ਗੁਣਵੱਤਾ ਦਾ ਪ੍ਰਬੰਧਨ ਅਤੇ ਸੁਧਾਰ ਕਰਨਾ ਹੈ, ਜਿਸ ‘ਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸੇ ਸ਼ਾਮਲ ਹਨ।

ਬੈਂਚ ਇਨ੍ਹਾਂ ਅਥਾਰਟੀਆਂ ‘ਚ ਖਾਲੀ ਅਸਾਮੀਆਂ ਨੂੰ ਭਰਨ ਸੰਬੰਧੀ ਇੱਕ ਸੁਓ ਮੋਟੂ ਪਟੀਸ਼ਨ ਦੀ ਸੁਣਵਾਈ ਕਰ ਰਿਹਾ ਸੀ। ਇਸ ਮਾਮਲੇ ‘ਚ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ। ਅਦਾਲਤ ਨੇ ਪ੍ਰਦੂਸ਼ਣ ਕੰਟਰੋਲ ਬੋਰਡਾਂ ‘ਚ ਲੰਬੇ ਸਮੇਂ ਤੋਂ ਲਟਕ ਰਹੀਆਂ ਅਸਾਮੀਆਂ ਨੂੰ ਭਰਨ ‘ਚ ਅਸਫਲ ਰਹਿਣ ਲਈ ਸੂਬਿਆਂ ਦੀ ਸਖ਼ਤ ਆਲੋਚਨਾ ਕੀਤੀ, ਇਹ ਨੋਟ ਕਰਦੇ ਹੋਏ ਕਿ ਪ੍ਰਦੂਸ਼ਿਤ ਮੌਸਮ ਦੌਰਾਨ ਮਨੁੱਖੀ ਸਰੋਤਾਂ ਦੀ ਘਾਟ ਵਾਤਾਵਰਣ ਸੰਕਟ ਨੂੰ ਹੋਰ ਵਧਾਉਂਦੀ ਹੈ।

Read More: Air pollution Delhi: ਦਿੱਲੀ ‘ਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਕਾਰਨ GRAP-4 ਲਾਗੂ, ਲੱਗੀਆਂ ਇਹ ਪਾਬੰਦੀਆਂ

Scroll to Top