July 7, 2024 6:23 pm
Swaminarayan Temple

ਕੈਨੇਡਾ ਦੇ ਟੋਰਾਂਟੋ ‘ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ

ਚੰਡੀਗੜ੍ਹ 15 ਸਤੰਬਰ 2022: ਕੈਨੇਡਾ ਦੇ ਟੋਰਾਂਟੋ ਵਿੱਚ ਮੰਗਲਵਾਰ ਨੂੰ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਬੀਏਪੀਐਸ ਸਵਾਮੀਨਾਰਾਇਣ ਮੰਦਰ (Swaminarayan Temple) ਵਿੱਚ ਭੰਨਤੋੜ ਕਰਨ ਤੋਂ ਬਾਅਦ ਕੰਧਾਂ ਉੱਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ। ਇਸ ਘਟਨਾ ਤੋਂ ਬਾਅਦ ਉਥੋਂ ਦੇ ਹਿੰਦੂ ਭਾਈਚਾਰੇ ਵਿੱਚ ਕਾਫੀ ਰੋਸ਼ ਹੈ ਅਤੇ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਸਵਾਮੀਨਾਰਾਇਣ ਮੰਦਰ ਦੀ ਭੰਨਤੋੜ ਦੀ ਨਿੰਦਾ ਕੀਤੀ ਹੈ ਅਤੇ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।

ਇਸਦੇ ਨਾਲ ਹੀ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਕਿਹਾ ਕਿ ਇਹ ਕੋਈ ਵੱਖਰੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਹੋਰ ਮੰਦਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਬਰੈਂਪਟਨ ਸਾਊਥ ਦੀ ਐਮਪੀ ਸੋਨੀਆ ਸਿੱਧੂ ਨੇ ਟਵੀਟ ਕੀਤਾ ਕਿ ਅਸੀਂ ਇੱਕ ਬਹੁ-ਸੱਭਿਆਚਾਰਕ ਅਤੇ ਬਹੁ-ਧਾਰਮਿਕ ਭਾਈਚਾਰੇ ਵਿੱਚ ਰਹਿੰਦੇ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰਨ ਦਾ ਹੱਕਦਾਰ ਹੈ।

ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਅਜਿਹੇ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਕੈਨੇਡਾ ਵਿੱਚ ਇਸ ਤਰ੍ਹਾਂ ਦੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ। ਉਮੀਦ ਕਰਦੇ ਹਾਂ ਕਿ ਜਿੰਮੇਵਾਰ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇਗੀ।