ਵਿਧਾਨ ਸਭਾ ਚੋਣਾਂ 2022 : ਆਖਿਰ ਕਿਉਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ?

ਚੰਡੀਗੜ੍ਹ, 12 ਮਾਰਚ 2022 : ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਪਿਆ, ਕਿਉਂਕਿ ਇਨ੍ਹਾਂ ਚੋਣਾਂ ‘ਚ ਸਿਆਸਤ ਦਾ ਬਾਬਾ ਬੋਹੜ ਮੰਨੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਸਮੇਤ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਬੀਬੀ ਜਗੀਰ ਕੌਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ |

 

ਜਿਸ ਨੇ ਪੂਰੇ ਪੰਜਾਬ ਦੀ ਸਿਆਸਤ ਬਦਲ ਦਿੱਤੀ, ਕਿਉਂਕਿ ਸਿਆਸਤ ਦਾ ਬਾਬਾ ਬੋਹੜ ਮੰਨੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਨੇ ਜਿਨ੍ਹਾਂ ਨੂੰ ਇਸ ਵਾਰ ਦੀਆਂ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ |

ਨਤੀਜ਼ੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ ਅਤੇ ਨਾਲ ਉਹਨਾਂ ਪਾਰਟੀ ਦੇ ਸਾਰੇ ਵਰਕਰਾਂ ਦਾ ਧਨਵਾਦ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਵਰਕਰਾਂ ਤੇ ਮਾਣ ਹੈ, ਭਾਵੇਂ ਹੀ ਅਸੀਂ ਸੱਤਾ ‘ਚ ਹਾਂ ਜਾਂ ਨਹੀਂ ਪਰ ਅਕਾਲੀ ਦਲ ਹਮੇਸ਼ਾ ਖਾਲਸਾ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਵਾਸਤੇ ਕੰਮ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ |

ਇਸ ਵਾਰ ਦੀਆਂ ਚੋਣਾਂ ‘ਚ ਅਸੀਂ ਆਪਣੀਆਂ ਕਮੀਆਂ ਨਹੀਂ ਲੱਭ ਸਕੇ, ਜਿਸ ਦਾ ਨਤੀਜਾ ਸਾਨੂੰ ਭੁਗਤਣਾ ਪਿਆ ਹੈ, ਅਤੇ ਚੋਣ ਨਤੀਜ਼ਿਆਂ ‘ਚ ਮਿਲੀ ਹਾਰ ਦੀ ਪੜਚੋਲ ਕਰਨ ਲਈ ਸੋਮਵਾਰ ਨੂੰ ਚੰਡੀਗੜ੍ਹ ‘ਚ ਪਾਰਟੀ ਕੋਰ ਕਮੇਟੀ ਦੀ ਬੈਠਕ ਹੋਵੇਗੀ,ਜਿਸ ਵਿੱਚ ਸਮੁੱਚੇ ਉਮੀਦਵਾਰ ਆ ਕਰ ਵਿਚਾਰ ਵਟਾਂਦਰਾ ਕਰਨਗੇ |

 

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੂਬਾਈ ਚੋਣਾਂ ‘ਚ ਦਲ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ। ਉਨ੍ਹਾਂ ਨਤੀਜਿਆਂ ਦੀ ਪੜਚੋਲ ਅਤੇ ਮੰਥਨ ਲਈ ਸੋਮਵਾਰ ਨੂੰ ਚੰਡੀਗੜ੍ਹ ‘ਚ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਸਮੁੱਚੇ ਉਮੀਦਵਾਰਾਂ ਨੂੰ ਸੱਦਿਆ ਗਿਆ ਹੈ |

ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਸੱਤਾ ਵਿਚ ਹਾਂ ਜਾਂ ਫਿਰ ਸੱਤਾ ਤੋਂ ਬਾਹਰ ਹਾਂ, ਕਾਲੀ ਦਲ ਹਮੇਸ਼ਾ ਖਾਲਸਾ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਵਾਸਤੇ ਅਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਸਤੇ ਕੰਮ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਉਂਦੇ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਾਰਟੀ ਨੂੰ ਦਿਲੋਂ ਮੁਬਾਰਕਾਂ ਦਿੰਦੇ ਹਾਂ ਤੇ ਸ਼ੁਭਕਾਮਨਾਵਾਂ ਦਿੰਦੇ ਹਾਂ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਤੂਫ਼ਾਨ ਸੀ ਤੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ‘ਚ ਲਿਆਂਦਾ ਅਤੇ ਇਸ ਲਈ ਅਸੀਂ ਭਗਵੰਤ ਮਾਨ ਨੂੰ ਵਧਾਈ ਦਿੰਦੇ ਹਾਂ ਤੇ ਇਹ ਉਮੀਦ ਕਰਦੇ ਹਾਂ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਜਾਂ ਜੋ ਉਮੀਦਾਂ ਪੰਜਾਬ ਦੇ ਲੋਕਾਂ ਨੂੰ ਵਿਖਾਈਆਂ ਉਨ੍ਹਾਂ ਨੂੰ ਪੂਰਾ ਜਰੂਰ ਕੀਤਾ ਜਾਵੇਗਾ |

ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀਂ ਦਲ ਦੀ ਹਾਰ ਦੇਸ਼ ਲਈ ਘਾਤਕ ਸਾਬਤ ਹੋ ਸਕਦੀ ਹੈ ਕਿਉਂਕਿ ਅਕਾਲੀ ਦਲ ਸਿਰਫ ਪਾਰਟੀ ਨਹੀਂ ਬਲਕਿ ਖ਼ਾਲਸੇ ਦੀ ਸੋਚ ਹੈ | ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਸਾਨੂੰ ਵਿਦੇਸ਼ਾਂ ਤੋਂ ਵੀ ਫ਼ੋਨ ਆ ਰਹੇ ਨੇ ਇਸ ਲਈ ਸਾਨੂੰ ਸਭ ਨੂੰ ਸ੍ਰੀ ਅਕਾਲੀ ਤਖ਼ਤ ਸਾਹਿਬ ਬੈਠ ਕੇ ਵਿਚਾਰ-ਵਟਾਂਦਰਾ ਕਰਨ ਦੀ ਲੋੜ ਹੈ |

ਹੁਣ ਵੱਡੇ ਸਵਾਲ ਇਹ ਖੜੇ ਹੁੰਦੇ ਨੇ ਕਿ ਇਸ ਵਾਰ ਦੀਆਂ ਚੋਣਾਂ ‘ਚ ਅਕਾਲੀ ਦਲ ਨੂੰ ਕਰਾਰੀ ਹਾਰ ਕਿਉਂ ਮਿਲੀ,ਸਿਆਸਤ ਦਾ ਬਾਬਾ ਬੋਹੜ ਮੰਨੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਵੱਡੇ ਵੱਡੇ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਿਉਂ ਕਰਨਾ ਪਿਆ | ਪਿਛਲੀ ਕਰੀਬ ਇੱਕ ਸਦੀ ਤੋਂ ਭਾਰਤ ‘ਚ ਸਿਆਸੀ ਤੇ ਪੰਥਕ ਘੋਲਾਂ ਵਿੱਚ ਸੰਘਰਸ਼ ਲੜਦਾ ਰਿਹਾ ਅਕਾਲੀ ਦਲ ਹੁਣ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਪਾਰਟੀ ਵੀ ਨਹੀਂ ਹੈ।

ਜਿਹੜੀ ਪਾਰਟੀ ਕਦੇ ਪੰਜਾਬ ਤੇ ਪੰਥਕ ਹਿੱਤਾਂ ਦੇ ਮੋਰਚਿਆਂ ਅਤੇ ਕੁਰਬਾਨੀਆਂ ਲਈ ਜਾਣੀ ਜਾਂਦੀ ਸੀ, ਅੱਜ ਕੱਲ੍ਹ ਕਈ ਪੰਥਕ ਆਗੂ ਇਸ ਅਕਾਲੀ ਦਲ ਨੂੰ ”ਨਿੱਜੀ ਕੰਪਨੀ” ਵਾਂਗ ਚਲਾਉਣ ਦੇ ਇਲਜ਼ਾਮ ਬਾਦਲ ਪਰਿਵਾਰ ਉੱਤੇ ਲਾ ਰਹੇ ਨੇ ਕਿਉਂਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਬਿਕਰਮ ਸਿੰਘ ਮਜੀਠੀਆ ਵਰਗੇ ਕਈ ਸਿਆਸੀ ਦਿਗਜ਼ ਹਨ ਜੋ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਦਾ ਰੰਗ ਮਾਣ ਰਹੇ ਸੀ, ਜਿਸ ਨੂੰ ਲੈ ਕੇ ਲੋਕਾਂ ‘ਚ ਰੋਸ ਸੀ ਕਿ ਬਾਦਲ ਪਰਿਵਾਰ ਆਪਣੇ ਹੀ ਪਰਿਵਾਰਕ ਮੈਂਬਰਾਂ ਨੂੰ ਸੀਟਾਂ ਦਿੰਦਾ ਹੈ, ਆਮ ਲੋਕਾਂ ਨੂੰ ਸਿਆਸਤ ‘ਚ ਲੈ ਕੇ ਨਹੀਂ ਹੁੰਦਾ ਜੋ ਕਿ ਇਸ ਹਾਰ ਦਾ ਇੱਕ ਵੱਡਾ ਕਾਰਨ ਵੀ ਹੋ ਸਕਦਾ ਹੈ |

ਇਸ ਤੋਂ ਇਲਾਵਾ ਅਕਾਲੀਆਂ ਉੱਤੇ ਸੱਤਾ ਵਿੱਚ ਰਹਿੰਦਿਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ, ਰੇਤ, ਟਰਾਂਸਪੋਰਟ, ਸ਼ਰਾਬ ਅਤੇ ਕੇਬਲ ਮਾਫ਼ੀਆ  ਨੂੰ ਸਰਪ੍ਰਸਤੀ ਦੇ ਇਲਜ਼ਾਮ ਲੱਗਦੇ ਆ ਰਹੇ ਹਨ |ਇੱਥੋਂ ਤੱਕ ਕਿ ਇਸ ਦੇ ਕਈ ਸੀਨੀਅਰ ਆਗੂਆਂ ਉੱਤੇ ਪੰਜਾਬ ਵਿਚ ਨਸ਼ਾ ਤਸਕਰੀ ਕਰਵਾਉਣ ਦੇ ਇਲਜ਼ਾਮ ਵੀ ਲੱਗੇ।ਇਹ ਗੱਲ ਵੱਖਰੀ ਹੈ ਕਿ ਇਹ ਇਲਜ਼ਾਮ ਨਾ ਕਿਸੇ ਅਦਾਲਤ ਵਿੱਚ ਸਾਬਿਤ ਹੋਏ ਅਤੇ ਨਾ ਕਿਸੇ ਨੂੰ ਸਜ਼ਾ ਮਿਲੀ।

ਇੱਥੇ ਇਹ ਦੱਸਣਾ ਵੀ ਜਰੂਰੀ ਹੈ ਕਿ ਵੱਡੇ ਟਕਸਾਲੀ ਅਕਾਲੀ ਆਗੂਆਂ ਦਾ ਪਾਰਟੀ ਨਾਲੋਂ ਟੁੱਟਣਾ ਵੀ ਅਕਾਲੀ ਦਲ ਨੂੰ ਹਾਰ ਦੇ ਮੂੰਹ ਵੱਲ ਲੈ ਕੇ ਗਿਆ ਹੈ, ਜਿਵੇ ਕਿ ਸੁਖਦੇਵ ਸਿੰਘ ਢੀਂਡਸਾ ਦਾ ਪਾਰਟੀ ਨੂੰ ਅਲਵਿਦਾ ਕਹਿਣਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਪਾਰਟੀ ‘ਚ ਮੁੜ ਵਾਪਸ ਆਉਣਾ | ਇਹੋ ਜਹੀਆਂ ਕਈ ਹੋਰ ਵੀ ਗੱਲਾਂ ਹਨ ਜਿਨ੍ਹਾਂ ਕਰਕੇ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ |

ਹੁਣ ਵੇਖਣਾ ਬਣਦਾ ਹੈ ਕਿ ਮੁੜ ਪੰਜਾਬ ‘ਚ ਆਪਣੇ ਆਪ ਨੂੰ ਮਜ਼ਬੂਤ ਪਾਰਟੀ ਬਣਾਉਣ ਲਈ ਅਕਾਲੀ ਦਲ ਕੀ ਤਿਆਰੀ ਕਰਦੀ ਹੈ |

Scroll to Top