ਚੰਡੀਗੜ੍ਹ, 09 ਮਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ।
ਉਨ੍ਹਾਂ (Kultar Singh Sandhawan) ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ। ਸ. ਸੰਧਵਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ।
ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।