Site icon TheUnmute.com

ਵਿਜੀਲੈਂਸ ਬਿਊਰੋ ਵੱਲੋਂ ਕਰਜ਼ਾ ਧੋਖਾਧੜੀ ਮਾਮਲੇ ’ਚ ਲੋੜੀਂਦਾ ਬੈਂਕ ਮੈਨੇਜਰ ਦਿੱਲੀ ਏਅਰਪੋਰਟ ਤੋਂ ਕਾਬੂ

ANTF

ਚੰਡੀਗੜ੍ਹ, 6 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅਮਰੀਕਾ ਤੋਂ ਪਰਤੇ ਮੁਲਜ਼ਮ ਅਤੇ ਵਿਜੀਲੈਂਸ ਮੁਤਾਬਕ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ੳਕਤ ਮੁਲਜ਼ਮ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ।

ਉਕਤ ਮੁਲਜ਼ਮ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਮੁਲਜ਼ਮ ਵਿੱਚ ਉਕਤ ਕੇਸ ਵਿੱਚ ਪੀ.ਓ.(ਭਗੌੜਾ) ਕਰਾਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Exit mobile version