ਚੰਡੀਗੜ੍ਹ, 22 ਨਵੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਜੇ.ਈ. ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਉਕਤ ਮੁਲਾਜਮ ਰਵਿੰਦਰ ਕੁਮਾਰ ਸਬ-ਡਿਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸੀ |
ਇਆ ਮਾਮਲੇ ਬਾਰੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਰੂਪ ਸਿੰਘ ਵਾਸੀ ਪਿੰਡ ਸਠਿਆਲੀ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਹੈ |
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਾਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਦੇ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਸਤੋਂ ਬਾਅਦ ਸ਼ਿਕਾਇਤ ਦੀ ਪੜਤਾਲ ਕਰਕੇ ਵਿਜੀਲੈਂਸ ਬਿਓਰੋ PSPCL ਦੇ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਕੋਲੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਛੇਤੀ ਹੀ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।