July 5, 2024 1:37 am
Vigilance Bureau

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 13 ਮਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਮਰਿੰਦਰ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਨਾਂ ਦੀ ਪਰਿਵਾਰਕ ਜੱਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 3000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰਖਾਨਾ ਪਾਇਲ ਦੇ ਬਾਹਰੋਂ ਉਕਤ ਪਟਵਾਰੀ ਦੀ ਤਰਫੋਂ ਸ਼ਿਕਾਇਤਕਰਤਾ ਕੋਲੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁੱਖ ਮੁਲਜ਼ਮ ਪਟਵਾਰੀ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।