July 1, 2024 12:58 pm
Vigilance Bureau

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 22 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।