ਚੰਡੀਗੜ, 12 ਅਪ੍ਰੈਲ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।