July 1, 2024 12:53 am
Vigilance Bureau

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 6 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ ।

ਉਨ੍ਹਾਂ (Vigilance Bureau) ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।