ਚੰਡੀਗੜ੍ਹ 13 ਅਗਸਤ 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਬੋਹਰ (abihar) ਵਿਖੇ ਤਾਇਨਾਤ ਫਾਇਰ ਅਫਸਰ (fire officer) ਵਰਿੰਦਰ ਕਥੂਰੀਆ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੇ ਸ਼ਿਕਾਇਤਕਰਤਾ ਰਿਸ਼ਭ ਕਾਲੀਆ, ਤਹਿਸੀਲ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨਵੇਂ ਅੱਗ ਬੁਝਾਊ ਯੰਤਰ ਵੇਚਣ ਅਤੇ ਪੁਰਾਣੇ ਨੂੰ ਦੁਬਾਰਾ ਭਰਨ ਦਾ ਕੰਮ ਕਰਦਾ ਹੈ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਫਾਇਰ ਅਫਸਰ ਵਰਿੰਦਰ ਕਥੂਰੀਆ ਨੇ ਬਿੱਲਾਂ ਦਾ ਨਿਪਟਾਰਾ ਕਰਨ ਲਈ ਕਮਿਸ਼ਨ ਵਜੋਂ 25,000 ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਆਪਣੇ ਹੋਰ ਬਿੱਲਾਂ ਦੇ ਨਿਪਟਾਰੇ ਲਈ ਦੋਸ਼ੀ ਨੂੰ ਉਸਦੇ ਘਰ ਵੀ ਮਿਲਿਆ ਸੀ।
ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਫੜਨ ਲਈ, ਉਸਨੇ ਦੋਸ਼ੀ ਨਾਲ ਗੱਲਬਾਤ ਰਿਕਾਰਡ ਕੀਤੀ ਅਤੇ ਮਾਮਲੇ ਦੀ ਰਿਪੋਰਟ ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ ਨੂੰ ਦਿੱਤੀ।
ਵਿਜੀਲੈਂਸ ਬਿਊਰੋ, ਫਾਜ਼ਿਲਕਾ ਯੂਨਿਟ ਨੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਅਤੇ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ, ਦੋਸ਼ੀ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 7, ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ, 2018 ਦੇ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਫਾਇਰ ਅਫਸਰ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Read More: ਪੰਜਾਬ ਸਰਕਾਰ ਵੱਲੋਂ ਨਵੇਂ ਵਿਜੀਲੈਂਸ ਚੀਫ਼ ਦੀ ਕੀਤੀ ਨਿਯੁਕਤੀ