ਤਲਵੰਡੀ ਸਾਬੋ 20 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਤਲਵੰਡੀ ਸਾਬੋ ਦੇ ਪੀਐਸਪੀਸੀਐਲ ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ‘ਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਮੁਲਜ਼ਮਾਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ ‘ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਮੰਨ ਗਏ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ |
Read More: ਵਿਜੀਲੈਂਸ ਬਿਊਰੋ ਵੱਲੋਂ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ ਮਾਮਲਿਆਂ ’ਚ 18 ਵਿਅਕਤੀ ਗ੍ਰਿਫਤਾਰ




