ਜਲੰਧਰ, 17 ਫਰਵਰੀ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸਬ-ਤਹਿਸੀਲ ਮਹਿਤਪੁਰ (ਜਲੰਧਰ) ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ |
ਵਿਜੀਲੈਂਸ ਬਿਊਰੋ ਮੁਤਾਬਕ ਉਕਤ ਮੁਲਜ਼ਮ ਨੂੰ ਨਕੋਦਰ ਦੇ ਗੁਰੂ ਤੇਗ ਬਹਾਦਰ ਨਗਰ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ ਅਤੇ ਕਾਰ ਖਰੀਦ – ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ |
ਉਕਤ ਵਿਅਕਤੀ ਨੇ ਪਿੰਡ ਹਰੀਪੁਰ ‘ਚ 12 ਮਰਲੇ ਦਾ ਘਰ ਖਰੀਦਿਆ ਸੀ, ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ | ਇਸ ਮਸਲੇ ਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ‘ਚ ਹੋਇਆ ਸੀ। ਇਸ ਮਗਰੋਂ ਉਕਤ ਫੈਸਲੇ ਖ਼ਿਲਾਫ ਅਪੀਲ ਦਾਇਰ ਕੀਤੀ ਸੀ ਜਿਸਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ‘ਚ ਸੇਲ ਡੀਡ ਦਰਜ ਕੀਤੀ।
ਵਿਜੀਲੈਂਸ ਨੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸੰਬੰਧੀ ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ ‘ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ। ਮੁਲਜ਼ਮ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ ‘ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ।
ਵਿਜੀਲੈਂਸ ਦੇ ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲਈ ਜ਼ੋਰ ਪਾਇਆ। 10 ਹਜ਼ਾਰ ਰੁਪਏ ਰਿਸ਼ਵਤ ਮੌਕੇ ‘ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ‘ਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ।
ਉਕਤ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਦੂਜੇ ਪਾਸੇ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।
ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਉਸਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁੱਖ ਮੁਲਜ਼ਮ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ
Read More: ਪੁਲਿਸ ਨੇ ਰੋਹਿਤ ਸ਼ੈੱਟੀ ਦੇ ਘਰ ‘ਤੇ ਗੋ.ਲੀ.ਬਾ.ਰੀ ਕਰਨ ਵਾਲੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ




