Site icon TheUnmute.com

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਰਿਸ਼ਵਤ

ਚੰਡੀਗੜ੍ਹ, 20 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਉਕਤ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Exit mobile version