ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਛੇਤੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਪੂਰੀ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ।

ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਛੇਤੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ, ਅਗਲੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Read More: ਪੰਜਾਬ ਪੁਲਿਸ ਦੀ ਸੂਬੇ ‘ਚ 578 ਥਾਈਂ ਛਾਪੇਮਾਰੀ, 246 ਵਿਅਕਤੀ ਗ੍ਰਿਫ਼ਤਾਰ

ਵਿਦੇਸ਼

Scroll to Top