Site icon TheUnmute.com

ਬਿਜਲੀ ਮੀਟਰ ਲਗਾਉਣ ਬਦਲੇ ਮੰਗੀ 50 ਹਜ਼ਾਰ ਰੁਪਏ ਦੀ ਰਿਸ਼ਵਤ, ਵਿਜੀਲੈਂਸ ਵੱਲੋਂ PSPCL ਦਾ ਹੈੱਡ ਕੈਸ਼ੀਅਰ ਕਾਬੂ

Vigilance Bureau

ਚੰਡੀਗੜ੍ਹ, 28 ਅਕਤੂਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਹੈੱਡ ਕੈਸ਼ੀਅਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ | ਵਿਜੀਲੈਂਸ ਵੱਲੋਂ ਗ੍ਰਿਫਤਾਰ ਹੈੱਡ ਕੈਸ਼ੀਅਰ ਦਵਿੰਦਰ ਸਿੰਘ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫਤਰ, ਸਬ-ਡਿਵੀਜ਼ਨ ਦੱਖਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ |

ਇਸ ਕਾਰਵਾਈ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁੱਜਰਾਂ, ਭਗਤਾਂ ਵਾਲਾ, ਗੇਟ ਹਕੀਮਾ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਇਹ ਗ੍ਰਿਫਤਾਰੀ ਕੀਤੀ ਹੈ |

ਵਿਜੀਲੈਂਸ ਮੁਤਾਬਕ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ‘ਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ ‘ਤੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਅਤੇ ਇਸ ਨੂੰ ਲੈ ਕੇ ਦਸਤਾਵੇਜ਼ ਤਿਆਰ ਕਰਨ ਦੇ ਬਦਲੇ ਉਕਤ ਮੁਲਜ਼ਮ ਨੇ 1,00,000 ਰੁਪਏ ਦੀ ਰਿਸ਼ਵਤ ਮੰਗੀ |

ਵਿਜੀਲੈਂਸ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ |

ਵਿਜੀਲੈਂਸ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

Exit mobile version