ANTF

20 ਹਜ਼ਾਰ ਰਿਸ਼ਵਤ ਲੈਂਦਾ SDM ਦਫ਼ਤਰ ਦਾ ਬਿੱਲ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 20 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿੱਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਸ਼ਿਕਾਇਤ ਕਰਤਾ ਤੋਂ ਉਸਦੇ ਸਹੁਰੇ ਕੇਸਰ ਸਿੰਘ, ਵਾਸੀ ਪਿੰਡ ਚਾਚੂ ਮਾਜਰਾ, ਐਸ.ਏ.ਐਸ. ਨਗਰ, ਦੇ ਜ਼ਮੀਨੀ ਸਮਝੌਤੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿਲਾਂ ਦੀ ਕਲੀਅਰੈਂਸ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਪਹਿਲਾਂ ਹੀ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਸਕੂਐਡ-1, ਮੋਹਾਲੀ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Scroll to Top