ਚੰਡੀਗੜ੍ਹ 28 ਅਕਤੂਬਰ 2025: ਪੰਜਾਬ ਵਿਜੀਲੈਂਸ ਬਿਊਰੋ (punjab Vigilance Bureau) ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।
ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਵੱਲੋਂ ਦਰਜ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਨੇ ਹਥਿਆਰ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7(ਏ) ਤਹਿਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
Read More: ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਕੀ ਇੰਚਾਰਜ SI ਨੂੰ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ




