ਚੰਡੀਗੜ੍ਹ, 3 ਜੂਨ 2026: ਪੰਜਾਬ ਵਿਜੀਲੈਂਸ ਬਿਊਰੋ (punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ (ferozpur) ਦੇ ਸੀਆਈਏ ਸਟਾਫ਼ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨੌਰੰਗ, ਲੇਲੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ |
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਇੱਕ ਰਿਸ਼ਤੇਦਾਰ ਖਿਲਾਫ ਫਿਰੋਜ਼ਪੁਰ ਛਾਉਣੀ ਵਿੱਚ ਸੀਆਈਏ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਮਿਲ ਕੇ ਧਮਕੀ ਦਿੱਤੀ ਕਿ ਉਸ ਦੇ ਰਿਸ਼ਤੇਦਾਰ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਏਐਸਆਈ ਗੁਰਜੀਤ ਸਿੰਘ ਨੇ ਉਸ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸ ਦੀ ਜ਼ਮਾਨਤ ਦਾ ਰਾਹ ਪੱਧਰਾ ਕਰਨ ਬਦਲੇ ਢਾਈ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਏਐਸਆਈ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਰਕਮ ਸੀਆਈਏ ਸਟਾਫ਼ ਦੇ ਇੰਚਾਰਜ ਮੋਹਿਤ ਧਵਨ ਨੂੰ ਦਿੱਤੀ ਜਾਣੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਆਖਰਕਾਰ 2.3 ਲੱਖ ਰੁਪਏ ‘ਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੋਸ਼ੀ ਅਧਿਕਾਰੀ ਨੂੰ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਦੀ ਰਿਸ਼ਵਤ ਵੀ ਦਿੱਤੀ ਸੀ।
ਰਿਸ਼ਵਤ ਦੀ ਬਾਕੀ ਰਕਮ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਕੋਲ ਪਹੁੰਚ ਕੀਤੀ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਓਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਪਾਸੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
Read More: ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ, 15 ਅਧਿਕਾਰੀਆਂ ਦੀ ਟੀਮ ਪਹੁੰਚੀ ਅੰਮ੍ਰਿਤਸਰ




