ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲੈਨਰ ​​ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 29 ਮਈ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau ) ਨੇ  ਨਗਰ ਕੌਂਸਲ, ਗੁਰਦਾਸਪੁਰ ਵਿੱਚ ਤਾਇਨਾਤ ਸਹਾਇਕ ਟਾਊਨ ਪਲੈਨਰ ​​(ਏ.ਟੀ.ਪੀ.) ਚਰਨਜੀਤ ਸਿੰਘ (charanjit singh) ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਗੁਰਦਾਸਪੁਰ ਦੇ ਤਹਿਸੀਲ ਦੀਨਾ ਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਅੰਤਿਮ ਪ੍ਰਵਾਨਗੀ ਲਈ ਉਕਤ ਏ.ਟੀ.ਪੀ. ਨੂੰ ਭੇਜ ਦਿੱਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਜਾਣਬੁੱਝ ਕੇ ਬੇਲੋੜੇ ਇਤਰਾਜ਼ ਉਠਾਏ ਅਤੇ ਫਾਈਲ ਨੂੰ ਕਲੀਅਰ ਕਰਨ ਲਈ 10,000 ਰੁਪਏ ਦੀ ਰਿਸ਼ਵਤ ਮੰਗੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਟੀਪੀ ਚਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ (Vigilance Bureau ) ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Scroll to Top