ਚੰਡੀਗੜ੍ਹ, 28 ਜੂਨ, 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਮਲੇਰਕੋਟਲਾ ਦੇ ਦਫ਼ਤਰ ਵਿੱਚ ਤਾਇਨਾਤ ਇੱਕ ਕਲਰਕ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਵਿਕਾਸ ਜਿੰਦਲ ਵਜੋਂ ਹੋਈ ਹੈ |
ਵਿਜੀਲੈਂਸ ਬਿਊਰੋ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀਈਓ ਦਫ਼ਤਰ ‘ਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਦੇ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਤੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਵਿਜੀਲੈਂਸ (Vigilance Bureau) ਨੂੰ ਦਿੱਤੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਰਿਸ਼ਵਤ ਦੀ ਰਕਮ ਦੇ ਨੋਟ ਮੌਕੇ ‘ਤੇ ਹੀ ਬਰਾਮਦ ਕਰ ਲਏ ਗਏ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੇ ਪੁਲਿਸ ਸਟੇਸ਼ਨ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Read More: ਵਿਜੀਲੈਂਸ ਬਿਊਰੋ ਤੇ SIT ਦੀ ਜਾਂਚ ‘ਚ ਬਿਕਰਮ ਸਿੰਘ ਮਜੀਠੀਆ ਬਾਰੇ ਵੱਡੇ ਖ਼ੁਲਾਸੇ