Bribe

ਵਿਜੀਲੈਂਸ ਬਿਊਰੋ ਵਲੋਂ ਜੰਗਲਾਤ ਮੁਲਾਜ਼ਮ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ਵਿਖੇ ਤਾਇਨਾਤ ਵਣ ਗਾਰਡ (Forest Guard) ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ ਸੰਗਰੂਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਮੁਲਾਜ਼ਮ (Forest Guard) ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ, ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਉਸ ਦੇ ਪਲਾਟ ਦੇ ਨਾਲ ਲੱਗਦੇ ਜੰਗਲਾਤ ਪਾਰਕ ਦੇ ਨੁਕਸਾਨ ਦੀ ਰਿਪੋਰਟ ਨਾ ਕਰਨ ਲਈ ਉਸਤੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੰਗਲਾਤ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ ਲਈ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Scroll to Top