Site icon TheUnmute.com

10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 21 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲਿਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ ‘ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Exit mobile version