Site icon TheUnmute.com

5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

VIGILANCE BUREAU

ਚੰਡੀਗੜ੍ਹ, 6 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਮਨਦੀਪ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸਨੇ ਦੋਸ਼ ਲਾਇਆ ਕਿ ਹੁਣ ਉਹ ਇੰਤਕਾਲ ਪ੍ਰਵਾਨ ਕਰਾਉਣ ਬਦਲੇ ਤਹਿਸੀਲਦਾਰ ਨੂੰ ਦੇਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ (VIGILANCE BUREAU) ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Exit mobile version