July 5, 2024 2:05 am
BRIBE

ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

ਚੰਡੀਗੜ੍ਹ, 27 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ (Patwari) ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ (Patwari) ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।