ਚੰਡੀਗੜ੍ਹ, 6 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ‘ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।