June 30, 2024 9:37 am
Vigilance Bureau

50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਚੰਡੀਗੜ, 25 ਮਈ, 2024:  ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਖਿਲਾਫ ਇਹ ਮੁਕੱਦਮਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਪਿੰਡ ਮੱਤਾ, ਤਹਿਸੀਲ ਜੈਤੋ ਦੇ ਵਸਨੀਕ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਦੇ ਇੰਤਕਾਲ ਲਈ ਜੈਤੋ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਸਾਲ ਪਹਿਲਾਂ ਦਰਖਾਸਤ ਦਿੱਤੀ ਸੀ, ਜੋ ਕਿ ਹਾਲੇ ਲਟਕ ਰਹੀ ਹੈ। ਇਸ ਬਾਰੇ ਜਦ ਉਹ ਉਕਤ ਮਾਲ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਮੌਕਾ ਦੇਖਣ ਖਾਤਰ ਤਰੀਕ ਲੈਣ ਲਈ ਆਪਣੇ ਰੀਡਰ ਨਾਲ ਸੰਪਰਕ ਕਰਨ ਲਈ ਕਿਹਾ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਸਨੇ ਰਾਕੇਸ਼ ਕੁਮਾਰ ਨਾਲ ਸੰਪਰਕ ਤਾਂ ਉਸ ਨੇ ਉਸ ਦੀ ਜ਼ਮੀਨ ਦਾ ਦੌਰਾ ਕਰਨ ਅਤੇ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਉੱਤੇ ਦਰਜ ਕਰਨ ਬਦਲੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਸਨੇ ਅੱਗੇ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ ‘ਤੇ ਸੌਦਾ 50,000 ਰੁਪਏ ‘ਚ ਤੈਅ ਹੋਇਆ, ਜਿਸ ‘ਚੋਂ ਰਾਕੇਸ਼ ਕੁਮਾਰ ਨੇ 30,000 ਰੁਪਏ ਤਹਿਸੀਲਦਾਰ ਲਈ ਅਤੇ 20,000 ਰੁਪਏ ਆਪਣੇ ਲਈ ਮੰਗੇ। ਸ਼ਿਕਾਇਤਕਰਤਾ ਨੇ ਉਕਤ ਰੀਡਰ ਨਾਲ ਰਿਸ਼ਵਤ ਦੇਣ ਬਾਰੇ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਉਸਨੇ ਸਬੂਤ ਵਜੋਂ ਬਿਉਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਮੁਲਜ਼ਮ ਰੀਡਰ ਨੇ ਉਪਰੋਕਤ ਮਕਸਦ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਲਈ 30,000 ਰੁਪਏ ਅਤੇ ਆਪਣੇ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਉਰੋ (Vigilance Bureau) ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਜਾਂਚ ਦੌਰਾਨ ਸਬੰਧਤ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।