Site icon TheUnmute.com

ANTF ਦੇ ਨਾਂ ‘ਤੇ ਰਿਸ਼ਵਤ ਮੰਗਣ ਵਾਲੇ ਵਿਅਕਤੀ ਖ਼ਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ANTF

ਚੰਡੀਗੜ੍ਹ, 07 ਨਵੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੇ ਨਾਂ ‘ਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ | ਉਕਤ ਮੁਲਜ਼ਮ ਦੀ ਪਛਾਣ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ |

ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਹ ਮਾਮਲਾ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਰਹਿਣ ਵਾਲੇ ਅਮਨਦੀਪ ਉਰਫ਼ ਕਾਲੂ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਵਿਭਾਗ ਕੋਲ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਵਿਜੀਲੈਂਸ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF ) ਪਟਿਆਲਾ ਦਾ ਇੱਕ ਮੁਲਾਜ਼ਮ ਉਸ ਨੂੰ ਝੂਠੇ ਕੇਸ ‘ਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮਾਮਲੇ ‘ਚ ਬੀਨੂੰ ਵਰਮਾ ਨਾਂ ਦੇ ਵਿਅਕਤੀ ਨੇ ਸ਼ਿਕਾਇਤਕਰਤਾ ਨਾਲ ਸੰਪਰਕ ਕਰਕੇ ਕਿਹਾ ਕਿ ANTF ਦੇ ਕਰਮਚਾਰੀਆਂ ਨਾਲ ਜਾਣ-ਪਛਾਣ ਹੋਣ ਕਾਰਨ ਉਹ ਉਸ ਦੀ ਮੱਦਦ ਕਰ ਸਕਦਾ ਹੈ।

ਇਸਦੇ ਨਾਲ ਹੀ ਉਕਤ ਮੁਲਜ਼ਮ ਨੇ 7 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਪਰ ਸੌਦਾ 5 ਲੱਖ ਰੁਪਏ ਵਿੱ’ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਬੀਨੂੰ ਵਰਮਾ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਮੁਤਾਬਕ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਲਗਾਏ ਦੋਸ਼ ਸਹੀ ਪਾਏ ਗਏ ਅਤੇ ਉਕਤ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ । ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗਿ੍ਫ਼ਤਾਰੀ ਤੋਂ ਬਚ ਰਿਹਾ ਹੈ ਅਤੇ ਅਗਲੇਰੀ ਕਾਰਵਾਈ ਏ.ਐਨ.ਟੀ.ਐਫ. ਕਰਮਚਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Exit mobile version