ਚੰਡੀਗੜ੍ਹ, 13 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ | ਉਕਤ ਮਾਲ ਪਟਵਾਰੀ ਵਿਕਾਸ ਸੋਨੀ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ‘ਚ ਤਾਇਨਾਤ ਸੀ | ਮਾਲ ਪਟਵਾਰੀ ‘ਤੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਹਨ |
ਮਾਮਲੇ ਸਬੰਧੀ ਵਿਜੀਲੈਂਸ ਬਿਓਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ਼ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ (ਲੁਧਿਆਣਾ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਉਕਤ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਹੈ।
ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਸ਼ਿਕਾਇਤ ‘ਚ ਕਿਹਾ ਹੈ ਕਿ ਉਸ ਦੀ ਪਤਨੀ ਨੇ ਜ਼ਮੀਨ ਹੋਰ ਵਿਅਕਤੀਆਂ ਨੂੰ ਵੇਚ ਦਿੱਤੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਂ ‘ਤੇ ਤਬਦੀਲ ਨਹੀਂ ਕੀਤਾ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ‘ਚ ਤੈਅ ਹੋ ਗਿਆ। ਇਸ ਤੋਂ ਬਾਅਦ ਉਕਤ ਪਟਵਾਰੀ ਨੇ 1500 ਰੁਪਏ ਰਿਸ਼ਵਤ ਦੇ ਤੌਰ ‘ਤੇ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤ ‘ਚ ਲਗਾਏ ਦੋਸ਼ ਸਹੀ ਪਾਏ ਗਏ ਹਨ। ਇਸ ਤੋਂ ਬਾਅਦ ਦੋਸ਼ੀ ਪਟਵਾਰੀ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਰੇਂਜ ਥਾਣੇ ‘ਚ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ |
Read More: Punjab News: ਨਸ਼ੇ ਵੇਚਣ ਵਾਲਿਆਂ ਖ਼ਿਲਾਫ ਪੰਜਾਬ ਸਰਕਾਰ ਕਰੇਗੀ ਸਖ਼ਤ ਕਾਰਵਾਈ: ਡਾ.ਬਲਜੀਤ ਕੌਰ