Site icon TheUnmute.com

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਵਿਜੀਲੈਂਸ ਬਿਊਰੋ
ਚੰਡੀਗੜ੍ਹ, 26 ਅਕਤੂਬਰ : ਪੰਜਾਬ ਚੌਕਸੀ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸੂਬੇ ਭਰ ਵਿੱਚ 26 ਅਕਤੂਬਰ ਤੋਂ 1 ਨਵੰਬਰ, 2021 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਹਫ਼ਤਾ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਬਿਊਰੋ ਦੇ ਡੀਜੀਪੀ-ਕਮ-ਮੁੱਖ ਨਿਰਦੇਸ਼ਕ ਐਸ ਚਟੋਪਾਧਿਆਏ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ ਹੈ। ਇਸ ਵਾਰ ਸੀਵੀਸੀ ਦੁਆਰਾ ”ਇਮਾਨਦਾਰੀ ਨਾਲ ਸਵੈ-ਨਿਰਭਰਤਾ” ਨੂੰ ਥੀਮ ਵਜੋਂ ਚੁਣਿਆ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਚੌਕਸੀ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ।  ਚਟੋਪਾਧਿਆਏ ਨੇ ਕਿਹਾ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਚੌਕਸੀ ਬਿਊਰੋ ਦੇ ਮੁਖੀ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ, ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜਨਤਕ ਸੇਵਕਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤਾ ਮਨਾਉਣ ਸਬੰਧੀ ਸਮੂਹ ਕਰਮਚਾਰੀਆਂ ਸਮੇਤ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਚੌਕਸੀ ਅਧਿਕਾਰੀ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ। ਇਸ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ।
ਇਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਮੁੱਖ ਨਿਰਦੇਸ਼ਕ  ਚਟੋਪਾਧਿਆਏ ਦੀ ਅਗਵਾਈ ਹੇਠ ਅੱਜ ਵਿਜੀਲੈਂਸ ਬਿਉਰੋ ਦੇ ਹੈੱਡਕੁਆਰਟਰ ਮੁਹਾਲੀ ਵਿਖੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿੱਚ ਐਲ ਕੇ ਯਾਦਵ ਏਡੀਜੀਪੀ-ਕਮ-ਡਾਇਰੈਕਟਰ,  ਵਿਭੂ ਰਾਜ ਏਡੀਜੀਪੀ-ਕਮ-ਡਾਇਰੈਕਟਰ ਤੋਂ ਇਲਾਵਾ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਭਾਗ ਲਿਆ।
ਵਰਿੰਦਰ ਸਿੰਘ ਬਰਾਡ਼ ਸੰਯੁਕਤ ਡਾਇਰੈਕਟਰ ਵੱਲੋਂ ਬਿਊਰੋ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਵਾਈ ਗਈ। ਮੁੱਖ ਨਿਰਦੇਸ਼ਕ ਵਿਜੀਲੈਂਸ ਬਿਊਰੋ ਵੱਲੋਂ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣ ਅਤੇ ਭ੍ਰਿਸ਼ਟਾਚਾਰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਖ਼ਾਤਰ ਸੰਕਲਪ ਲੈਣ ਲਈ ਕਿਹਾ ਗਿਆ।
Exit mobile version