ਚੰਡੀਗੜ੍ਹ, 18 ਅਪ੍ਰੈਲ 2023: ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਮੁਸ਼ਕਿਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ, ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਸੰਮਨ ਜਾਰੀ ਕਰਦਿਆਂ 21 ਅਪ੍ਰੈਲ ਨੂੰ ਵਿਜੀਲੈਂਸ ਦੇ ਮੁੱਖ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮੁੜ 21 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ |ਇਸ ਸਬੰਧੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮੈਂ ਜਲੰਧਰ ਚੋਣਾਂ ਵਿੱਚ ਰੁਝਿਆ ਹੋਇਆ ਹਾਂ। ਮੈਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੇ ਖ਼ਿਲਾਫ਼ ਆਮਦਨ ਦੇ ਸਰੋਤਾਂ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਸੀ। ਬਲਬੀਰ ਸਿੱਧੂ ਨੂੰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਪੜਤਾਲ ’ਚ ਸ਼ਾਮਲ ਹੋਣ ਦੇ ਹੁਕਮ ਜਾਰੀ ਹੋਏ ਹਨ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸਿੱਧੂ ਸਾਲ 2017 ਤੋਂ 2022 ਤਕ ਪੰਜਾਬ ਦੀ ਕਾਂਗਰਸ ਸਰਕਾਰ ’ਚ ਕੈਬਿਨਟ ਮੰਤਰੀ ਰਹੇ | 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਇਸਤੋਂ ਬਾਅਦ ਜੂਨ 2022 ’ਚ ਉਹ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਸਨ।