ਚੰਡੀਗੜ੍ਹ, 17 ਅਪ੍ਰੈਲ 2023: ਨਸ਼ਾ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੀ.ਪੀ.ਐਸ. ਅਧਿਕਾਰੀ ਰਾਜਜੀਤ ਸਿੰਘ ਦੀ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਉਸ ਦੀਆਂ ਸੇਵਾਵਾਂ ਨੂੰ ਬਰਖਾਸਤ ਕਰ ਦਿੱਤਾ ਹੈ।
ਹੋਰ ਵੇਰਵਿਆਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਰਾਜਜੀਤ ਦੀ ਇਸ ਗੰਭੀਰ ਜੁਰਮ ਵਿੱਚ ਸ਼ਮੂਲੀਅਤ ਦਾ ਪਤਾ ਲੱਗਿਆ ਹੈ, ਇਸ ਲਈ ਉਸ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਹੋਰ ਵੇਰਵੇ ਬਹੁਤ ਜਲਦੀ ਸਾਂਝਾ ਕੀਤੇ ਜਾਣਗੇ ਅਤੇ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ। ਸੂਬੇ ਅਤੇ ਨੌਜਵਾਨਾਂ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਧੇ ਨਸ਼ਿਆਂ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਧਨਾਢ ਆਗੂਆਂ ਨੇ ਨੌਕਰਸ਼ਾਹਾਂ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਸਰਪ੍ਰਸਤੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਠੰਢੇ ਬਸਤੇ ਵਿੱਚ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈ ਕੋਰਟ ਤੋਂ ਤਿੰਨ ਪੈਕਟਾਂ ਵਿੱਚ ਰਿਪੋਰਟ ਪ੍ਰਾਪਤ ਹੋ ਗਈ ਹੈ ਤਾਂ ਸੂਬੇ ਅਤੇ ਇਸ ਦੇ ਨੌਜਵਾਨਾਂ ਦੀਆਂ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸ਼ੇ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।
ਜ਼ਿਕਰਯੋਗ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ 15 ਫਰਵਰੀ ਨੂੰ ਹਾਈ ਕੋਰਟ ‘ਚ ਸਹਿਮਤੀ ਦੇ ਦਿੱਤੀ ਸੀ। ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜੋ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਦਾ ਪਰਦਾਫਾਸ਼ ਕਰਦੀਆਂ ਹਨ, ਨੂੰ ਜਨਤਕ ਕਰਨ ਦੀ ਸਹਿਮਤੀ ਦਿੱਤੀ ਸੀ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਖਿਲਾਫ਼ ਸਖ਼ਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਹਨ।