ਚੰਡੀਗੜ੍ਹ 11 ਨਵੰਬਰ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਡੇਂਗੂ (Dengue) ਦੇ ਲਾਰਵੇ ਦੀ ਬ੍ਰੀਡਿੰਗ ਨੂੰ ਰੋਕਣ ਲਈ ਮਿਲ ਕੇ ਯਤਨ ਕਰਨ ਅਤੇ ਘਰਾਂ, ਦਫ਼ਤਰਾਂ, ਖੁੱਲ੍ਹੀਆਂ ਥਾਵਾਂ ਅਤੇ ਗਲੀਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਂਗੂ ਦੇ ਵੱਧ ਰਹੇ ਮਾਮਲਿਆਂ ਵਿਰੁੱਧ ਪਹਿਲਾਂ ਹੀ ਠੋਸ ਕਦਮ ਚੁੱਕ ਰਹੀ ਹੈ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਡੇਂਗੂ ਦੀ ਰੋਕਥਾਮ ਲਈ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਟੈਸਟਾਂ ਨਾਲ ਤੁਰੰਤ ਇਲਾਜ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਵਡੇਰੇ ਲੋਕ ਹਿੱਤ ਵਿੱਚ ਇਸ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਲਾਗੂ ਕਰਨ ਲਈ ਆਮ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ।
ਸ. ਜੌੜਾਮਾਜਰਾ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਡੇਂਗੂ ਵਾਰਡ ਸਥਾਪਤ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਗਤੀਵਿਧੀਆਂ ਤੇਜ਼ ਕਰਨ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਪ੍ਰਭਾਵਿਤ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਡੇਂਗੂ ਦੀ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ। ਡੇਂਗੂ ਮੱਛਰ ਏਡੀਜ਼ ਏਜੀਪਟੀ ਦੇ ਪ੍ਰਜਨਨ ਨੂੰ ਰੋਕਣ, ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਅਤੇ ਅਜਿਹੇ ਖੇਤਰਾਂ ਦੀ ਨਿਰੰਤਰ ਨਿਗਰਾਨੀ ਲਈ ਕਦਮ ਚੁੱਕੇ ਜਾ ਰਹੇ ਹਨ।
ਸ. ਜੌੜਾਮਾਜਰਾ ਨੇ ਕਿਹਾ ਕਿ ਡੇਂਗੂ (Dengue) ਦੀ ਰੋਕਥਾਮ ਡੇਂਗੂ ਮੱਛਰ ਦੀ ਪੈਦਾਵਾਰ ਦੇ ਸਰੋਤ ਨੂੰ ਖਤਮ ਕਰਕੇ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਅਤੇ ਪਿੰਡਾਂ/ਸ਼ਹਿਰਾਂ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧੇ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰੀ ਸਲਾਹ ਲੈਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਵਿੱਚ ਵੀ ਇਸ ਸਬੰਧੀ ਜਨਤਕ ਘੋਸ਼ਣਾ ਕੀਤੀ ਜਾਵੇ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਕੇਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ ਦੇ ਨਾਲ ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਪਿੱਠ ਵਿੱਚ ਅਕੜਾਅ, ਸਰੀਰ ‘ਤੇ ਲਾਲ ਧੱਬੇ ਹੋਣ ਦੀ ਸਥਿਤੀ ਵਿੱਚ ਵਿਅਕਤੀ ਨੂੰ ਖੁਦ ਡੇਂਗੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਪਲੇਟਲੈਟ ਸੈੱਲਾਂ ਦੀ ਗਿਣਤੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ |