ਵਿੱਤ ਮੰਤਰੀ ਚੀਮਾ ਨੇ ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਟਿੰਗਾਂ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕੀਤੀ
ਮੁਹਿੰਮ ਦੀ ਸਫਲਤਾ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ‘ਤੇ ਜ਼ੋਰ ਦਿੱਤਾ ਗਿਆ
ਨਸ਼ਾ ਤਸਕਰ ਜਾਂ ਤਾਂ ਪੰਜਾਬ ਤੋਂ ਭੱਜ ਰਹੇ ਹਨ ਜਾਂ ਪੁਲਿਸ ਵੱਲੋਂ ਫੜੇ ਜਾ ਰਹੇ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਮਾਰਚ 2025: ‘ਨਸ਼ਿਆਂ ਵਿਰੁੱਧ ਜੰਗ’ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (HARPAL SINGH CHEEMA) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਸੂਬੇ ਭਰ ਵਿੱਚ ਵਿਆਪਕ ਸਮਰਥਨ ਮਿਲ ਰਿਹਾ ਹੈ,
ਜਿਸ ਦੇ ਨਤੀਜੇ ਪੰਜਾਬ (punjab) ਦੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਕਾਰਾਤਮਕ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਤੋਂ ਭੱਜ ਰਹੇ ਹਨ ਜਾਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ, ਜਿਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਰਾਹ ਪੱਧਰਾ ਹੋਇਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿੰਨ ਜ਼ਿਲ੍ਹਿਆਂ – ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਆਪਣੇ ਦੌਰੇ ਦੌਰਾਨ ਸਥਾਨਕ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ, ਨਸ਼ਾ ਛੁਡਾਊ ਯਤਨਾਂ ਨੂੰ ਵਧਾਉਣ, ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈ ਨੂੰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵਿਦਿਅਕ ਮੁਕਾਬਲਿਆਂ, ਖੇਡਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ।
ਤਰਨਤਾਰਨ ਵਿੱਚ ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (laljit bhullar) ਨੇ ਆਪਣੇ ਹਲਕੇ ਵਿੱਚ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦੇ ਹੋਏ, ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕ ਵਿਸ਼ਾਲ ਜਨ ਲਹਿਰ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ 80 ਪਿੰਡਾਂ ਨੇ ਆਪਣੇ-ਆਪਣੇ ਇਲਾਕਿਆਂ ਵਿੱਚ ਨਸ਼ਿਆਂ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਲਈ ਮਤੇ ਪਾਸ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਮੋੜਨ ਲਈ 87 ਪਿੰਡਾਂ ਨੂੰ ਵਾਲੀਬਾਲ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਵਿੱਤ ਮੰਤਰੀ ਨੂੰ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈ ਬਾਰੇ ਜਾਣੂ ਕਰਵਾਉਂਦਿਆਂ ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਪਿਛਲੇ ਸਾਲ 26 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਸਨ ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਮੁਹਿੰਮ ਤਹਿਤ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।
ਪਠਾਨਕੋਟ ਵਿੱਚ ‘ਨਸ਼ਿਆਂ ਵਿਰੁੱਧ ਜੰਗ’ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਅਤੇ ਜ਼ਿਲ੍ਹੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ। ਵਿੱਤ ਮੰਤਰੀ ਨੇ ਕਿਹਾ ਕਿ ਪਠਾਨਕੋਟ ਪੁਲਿਸ ਹਿਮਾਚਲ ਖੇਤਰ ਦੇ ਨਾਲ ਲੱਗਦੇ ਪਠਾਨਕੋਟ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਹਿਮਾਚਲ ਪੁਲਿਸ ਨਾਲ ਇੱਕ ਸਾਂਝਾ ਅਭਿਆਨ ਸ਼ੁਰੂ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਬਣਾਈਆਂ ਗਈਆਂ ਲਗਭਗ 500 ਵਾਰਡ-ਪੱਧਰੀ ਅਤੇ ਪਿੰਡ-ਪੱਧਰੀ ਕਮੇਟੀਆਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਵਿੱਚ ਮਦਦ ਕਰਨਗੀਆਂ।
ਇਹ ਮੀਟਿੰਗ ਦੇਰ ਸ਼ਾਮ ਗੁਰਦਾਸਪੁਰ ਵਿੱਚ ਹੋਈ, ਜਿੱਥੇ ਵਿੱਤ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਕਈ ਹੋਰ ਪਤਵੰਤੇ ਮੌਜੂਦ ਸਨ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਾਬੰਦੀਸ਼ੁਦਾ ਦਵਾਈ ਨਾ ਵੇਚੀ ਜਾਵੇ। ਉਨ੍ਹਾਂ ਗੈਰ-ਕਾਨੂੰਨੀ ਡਾਕਟਰੀ ਪੇਸ਼ੇ ਰਾਹੀਂ ਨਸ਼ਾ ਫੈਲਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਿਵਲ ਸਰਜਨ ਨੂੰ ਇਨ੍ਹਾਂ ਗਤੀਵਿਧੀਆਂ ਬਾਰੇ 10 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ। ਮੀਟਿੰਗ ਦੌਰਾਨ, ਓ.ਓ.ਏ.ਟੀ. ਕੇਂਦਰਾਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਰੋਕਣ ਲਈ ‘ਉਮੀਦ’ ਮੁਹਿੰਮ ਦੀ ਸ਼ੁਰੂਆਤ ਅਤੇ ਹੌਟਸਪੌਟ ਖੇਤਰਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਸ਼ਾਮਲ ਹੈ। ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਆਦਿੱਤਿਆ ਅਤੇ ਐਸਐਸਪੀ ਬਟਾਲਾ ਸੋਹੇਲ ਕਾਸਿਮ ਮੀਰ ਨੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈ ਦੀਆਂ ਰਿਪੋਰਟਾਂ ਪੇਸ਼ ਕੀਤੀਆਂ।
Read More: ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ