Site icon TheUnmute.com

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀ

Aam Aadmi Party

ਚੰਡੀਗੜ੍ਹ, 03 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ।

ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

ਉੱਧਰ ਆਮ ਆਦਮੀ ਪਾਰਟੀ (Aam Aadmi Party) ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ।

ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

Exit mobile version