ਚੰਡੀਗੜ੍ਹ, 25 ਅਪ੍ਰੈਲ 2024: ਪੰਜਾਬ ‘ਚ ਮੌਸਮ ਦਾ ਬਦਲਣ ਨਾਲ ਜਿੱਥੇ ਗਰਮੀ ਤੋਂ ਰਾਹਤ, ਉੱਥੇ ਹੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹੈ | ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ (Heavy Rain) ਅਤੇ ਹਨੇਰੀ ਆਉਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਵੀ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਕਈ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ।
ਮੀਂਹ (Heavy Rain) ਦੇ ਮੱਦੇਨਜ਼ਰ ਮੌਸਮ ਕੇਂਦਰ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਕੇਂਦਰ ਨੇ ਕਿਹਾ ਹੈ ਕਿ ਹਾੜ੍ਹੀ ਦੀਆਂ ਫ਼ਸਲਾਂ ਜਿਵੇਂ ਕਣਕ, ਸਰ੍ਹੋਂ ਆਦਿ ਦੀ ਪੱਕਣ ਅਤੇ ਵਾਢੀ ਦੇ ਨੇੜੇ ਹੋਣ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਸੁਰੱਖਿਅਤ ਥਾਂ ‘ਤੇ ਰੱਖਿਆ ਜਾਵੇ। ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਸ ਲਈ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਚਿਤਾਵਨੀ ਜਾਰੀ ਕੀਤੀ ਗਈ ਹੈ।