Site icon TheUnmute.com

ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 19 ਮਈ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅਗਾਮੀ ਸੀਜਨ ਲਈ ਬਿਜਲੀ ਸਪਲਾਈ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਖੇਤਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਫੀਲਡ ਵਿੱਚ ਦੌਰੇ ਕਰਕੇ ਟਰਾਂਸਫਾਰਮਰਾਂ ਤੇ ਲਾਈਨਾਂ ਤੇ ਹੋਰ ਲੋੜੀਂਦਾ ਨਿਰੀਖਣ ਕਰਕੇ ਹਰ ਤਰ੍ਹਾਂ ਦੀ ਕਮੀ ਪੇਸ਼ੀ ਨੂੰ ਸਮੇਂ ਸਿਰ ਦੂਰ ਕਰ ਲਿਆ ਜਾਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਆਦਿ ਚਾਰ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ ਅਤੇ ਇਸ ਤਹਿਤ ਲਗਾਤਾਰ 8 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ।

ਸ. ਹਰਭਜਨ ਸਿੰਘ ਟੀ.ਟੀ.ਓ. (Harbhajan Singh ETO) ਨੇ ਦੱਸਿਆ ਕਿ ਸਰਹੱਦ ਤੋਂ ਪਾਰ ਦੇ ਖੇਤਰਾਂ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ. ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

Exit mobile version