ਚੰਡੀਗ੍ਹੜ 14 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ 102ਵਾਂ ਸਥਾਪਨਾ ਦਿਵਸ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸੁਖਬੀਰ ਸਿੰਘ ਬਾਦਲ (Sukhbir Singh Badal) , ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਸਮੇਤ ਹੋਰ ਪ੍ਰਮੁੱਖ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਰਹੇ |
ਇਸਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੰਜਾਬ ਦੇ ਨਿੱਜੀ ਟਰਾਂਸਪੋਰਟ ਆਪ੍ਰੇਟਰਾਂ ਨੂੰ ਮਾਫ਼ੀਆ ਦੱਸਿਆ ਜਾ ਰਿਹਾ ਹੈ, ਉਨ੍ਹਾਂ ਖ਼ਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ਼ ਕਰਵਾਇਆ ਜਾਵੇਗਾ | ਜਿਸ ਲਈ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ‘ਆਪ’ ਸਰਕਾਰ ‘ਤੇ ਦੋਸ਼ ਲਗਾਇਆ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਇਨ੍ਹਾਂ ਤੋਂ ਕੰਟਰੋਲ ਨਹੀਂ ਹੋ ਰਹੀ | ਸੁਰਖ਼ੀਆਂ ਬਟੋਰਨ ਲਈ ਵੱਖਰੇ-ਵੱਖਰੇ ਬਿਆਨ ਦਿੱਤੇ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਡਰ ਦਾ ਮਹੌਲ ਹੈ, ਅਜਿਹਾ ਪਿਛਲੇ 50 ਸਾਲਾਂ ਦੌਰਾਨ ਵੀ ਸੂਬੇ ਵਿਚ ਨਹੀਂ ਦੇਖਿਆ ।