ਮੋਹਾਲੀ, 31 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੋਤੇ ਦਿਨ ਮੋਹਾਲੀ ‘ਚ ਵੱਖ-ਵੱਖ ਵਿਭਾਗਾਂ ਦੇ 916 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ | ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਹਾਲੀ ‘ਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ । ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ, ਸੱਤਾ ‘ਚ ਬੈਠੇ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਚਹੇਤਿਆਂ ਨੇ ਸੂਬੇ ਦੇ ਮੁੰਡਿਆਂ ਅਤੇ ਕੁੜੀਆਂ ਦੀਆਂ ਯੋਗਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਹਜ਼ਾਰਾਂ ਹੋਨਹਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਇਹ ਦੇਖ ਕੇ ਬਹੁਤ ਦੁੱਖ ਹੋਇਆ ਹੋਵੇਗਾ ਕਿ ਆਜ਼ਾਦੀ ਦੇ 70 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ ਉਨ੍ਹਾਂ ਦੇ ਸੁਪਨੇ ਅਧੂਰੇ ਹਨ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਰੁਜ਼ਗਾਰ ਲਈ ਦਿੱਤੇ ਫੰਡਾਂ ਦੀ ਦੁਰਵਰਤੋਂ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਹੈ, ਜੋ ਕਿ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਹਰ ਪੰਜਾਬੀ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲੇਗਾ; ਪਿਛਲੀ ਸੀਮਾ 5 ਲੱਖ ਰੁਪਏ ਸੀ, ਜੋ ਹੁਣ ਦੁੱਗਣੀ ਕਰ ਦਿੱਤੀ ਗਈ ਹੈ। ਇਸ ਯੋਜਨਾ ਨਾਲ ਕਰੀਬ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ‘ਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਜਨਤਾ ਨੂੰ ਰੋਜ਼ਾਨਾ 6.4 ਲੱਖ ਰੁਪਏ ਦੀ ਬਚਤ ਹੋਈ ਹੈ। ਸੂਬੇ ਭਰ ‘ਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਜੁਲਾਈ 2022 ਤੋਂ 90 ਪ੍ਰਤੀਸ਼ਤ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਫਿਰ ਵੀ ਵਿਰੋਧੀ ਧਿਰ ਸਰਕਾਰ ਦੇ ਕੰਮ ‘ਚ ਨੁਕਸ ਕੱਢ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਮਹਾਨ ਖਿਡਾਰੀਆਂ, ਜਰਨੈਲਾਂ, ਪਰਉਪਕਾਰੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੀ ਅਮੀਰ ਵਿਰਾਸਤ ਹੈ, ਜਿਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦੀ ਸਰਕਾਰ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਖਾਲੀ ਅਸਾਮੀਆਂ ਇੱਕ ਸੁਚਾਰੂ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਤੁਰੰਤ ਭਰੀਆਂ ਜਾ ਰਹੀਆਂ ਹਨ। ਲਗਭੱਗ 64,000 ਨੌਕਰੀਆਂ ‘ਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ‘ਚ ਚੁਣੌਤੀ ਨਹੀਂ ਦਿੱਤੀ ਗਈ |
Read More: ਪੰਜਾਬ ‘ਚ ਛੇਤੀ ਹੀ ਬਣਾਏ ਜਾਣਗੇ 6 ਤੋਂ 8 ਮੈਡੀਕਲ ਕਾਲਜ: ਡਾ. ਬਲਬੀਰ ਸਿੰਘ




