law and order

ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ’ਤੇ ਕਾਇਮ ਰੱਖਾਂਗੇ: CM ਭਗਵੰਤ ਮਾਨ

ਭਾਵਨਗਰ (ਗੁਜਰਾਤ), 26 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਸੂਬੇ ਵਿਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਅਤੀਤ ਵਿਚ ਕਾਲੇ ਦੌਰ ਦੀ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ ਜਿਸ ਕਰਕੇ ਲੋਕ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਕੁਝ ਫੁੱਟਪਾਊ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਲੀਹੋਂ ਲਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ ਪਰ ਅਜਿਹੇ ਲੋਕਾਂ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ।

ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਪੁਲਿਸ ਥਾਣੇ ਵਿਚ ਦਾਖਲ ਹੋਣ ਲਈ ਸ਼ਰਮਨਾਕ ਢੰਗ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸਰਾ ਲੈਣ ਵਾਲੇ ਲੋਕ ਪੰਜਾਬ ਦੇ ਵਾਰਸ ਨਹੀਂ ਹੋ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨਾ-ਮੁਆਫੀਯੋਗ ਅਪਰਾਧ ਹੈ ਜਿਸ ਦੀ ਸਾਰਿਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਪਾਵਨ ਗ੍ਰੰਥ ਨੂੰ ਢਾਲ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਬਜਾਏ ਪ੍ਰੇਰਨਾ ਲੈਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਸਰਹੱਦ ਪਾਰ ਤੋਂ ਫੰਡ ਹਾਸਲ ਕਰਕੇ ਸੂਬੇ ਦੀ ਸ਼ਾਂਤੀ ਤੇ ਤਰੱਕੀ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਸੂਬੇ ਨੂੰ ਤਬਾਹ ਕਰਨ ਦੇ ਮਨਸੂਬੇ ਨਾਲ ਪਾਕਿਸਤਾਨ ਦੇ ਹੱਥਾਂ ਵਿੱਚ ਕਠਪੁਤਲੀਆਂ ਬਣ ਕੇ ਨੱਚ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੀ ਉਪਜਾਊ ਧਰਤੀ ‘ਤੇ ਨਫ਼ਰਤ ਅਤੇ ਫੁੱਟ ਨੂੰ ਛੱਡ ਕੇ ਹੋਰ ਕੁਝ ਵੀ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਠੀਕ ਹੈ ਜਿਸ ਕਾਰਨ ਦੁਨੀਆਂ ਭਰ ਦੀਆਂ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਉਣ ਵਾਲੇ ਛੇ ਮਹੀਨਿਆਂ ਦੌਰਾਨ ਪੰਜਾਬ ਹਰ ਖੇਤਰ ਵਿੱਚ ਤਰੱਕੀ ਕਰੇਗਾ।ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤ ਰਾਜਪਾਲ ਸਬੰਧਤ ਸੂਬਿਆਂ ਵਿੱਚ ਭਗਵਾਂ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ‘ਤਾਨਸ਼ਾਹੀ ਢੰਗ ਨਾਲ ਹੁਕਮ ਚਾੜ੍ਹਨ’ ਲਈ ਰਾਜ ਭਵਨ ਭਾਜਪਾ ਦੇ ਮੁੱਖ ਦਫ਼ਤਰ ਬਣ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਲੋਕਤੰਤਰ ਵਿੱਚ ਕੇਂਦਰ ਵੱਲੋਂ ਨਿਯੁਕਤ ਕੀਤੇ ਵਿਅਕਤੀ ਨਹੀਂ ਸਗੋਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਹੀ ਸਰਵਉਚ ਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਫੁੱਟ ਪਾਊ ਏਜੰਡੇ ਤਹਿਤ ਵੋਟਾਂ ਮੰਗਦੀਆਂ ਸਨ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਵਿਚ ‘ਆਪ’ ਦੇ ਦਾਖਲੇ ਤੋਂ ਬਾਅਦ ਰਾਜਨੀਤਿਕ ਪ੍ਰਣਾਲੀ ਵਿੱਚ ਵਰਨਣਯੋਗ ਬਦਲਾਅ ਦੇਖਿਆ ਗਿਆ ਹੈ, ਜਿਸ ਨੇ ਰਵਾਇਤੀ ਪਾਰਟੀਆਂ ਨੂੰ ਆਪਣਾ ਏਜੰਡਾ ਮੁੜ ਤੈਅ ਕਰਨ ਲਈ ਮਜਬੂਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਯਤਨਾਂ ਸਦਕਾ ਪਹਿਲੀ ਵਾਰ ਏਜੰਡਾ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ’ਤੇ ਆਧਾਰਿਤ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ‘ਆਪ’ ਬਹਾਦਰ ਲੋਕਾਂ ਦੀ ਪਾਰਟੀ ਹੈ ਜੋ ਲੋਕ ਭਲਾਈ ਲਈ ਕੁਝ ਵੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਬਿਨਾਂ ਕਿਸੇ ਡਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ‘ਆਪ’ ਅਤੇ ਇਸ ਦੇ ਆਗੂਆਂ ‘ਤੇ ਸਫਲ ਨਹੀਂ ਹੋਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 11 ਮਹੀਨਿਆਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਬਣਨ ਦੇ ਪਹਿਲੇ ਕੁਝ ਮਹੀਨਿਆਂ ਵਿੱਚ ਹੀ 26,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਵਿੱਚ 2100 ਅਸਾਮੀਆਂ ਭਰਨ ਦੀ ਨਿਰਧਾਰਤ ਪ੍ਰਕਿਰਿਆ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਚਾਰ ਸਾਲਾਂ ਵਿੱਚ ਹਰ ਸਾਲ ਕਾਂਸਟੇਬਲਾਂ ਦੀਆਂ 1800 ਅਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਲੀਹ ‘ਤੇ ਲਿਆਉਣ ‘ਤੇ ਜ਼ੋਰ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਣ ਦੇ ਦਿਨ ਪੁੱਗ ਚੁੱਕੇ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ ਬੜੀ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਸਧਾਰਨ ਪਰਿਵਾਰ ਤੋਂ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਡੇ ਯਤਨਾਂ ਸਦਕਾ ਉੱਦਮੀਆਂ ਨੇ ਸੂਬੇ ਵਿੱਚ ਨਿਵੇਸ਼ ਲਈ ਭਾਰੀ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸਟੀਲ ਦੀ ਪ੍ਰਸਿੱਧ ਕੰਪਨੀ ਟਾਟਾ ਸਟੀਲ ਨੇ ਵੀ ਸੂਬੇ ਵਿੱਚ ਨਿਵੇਸ਼ ਕੀਤਾ ਹੈ ਜੋ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿਖੇ ਸਥਾਪਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਈ ਆਲਮੀ ਕੰਪਨੀਆਂ ਵੀ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਆ ਰਹੀਆਂ ਹਨ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋ ਜਾਵੇਗੀ।
Scroll to Top