CM Bhagwant Mann

ਜਥੇਦਾਰ ਸਾਹਿਬ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਕਰਾਂਗੇ ਸਖ਼ਤ ਕਾਰਵਾਈ: CM ਮਾਨ

ਚੰਡੀਗੜ੍ਹ, 17 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਹੁਦੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਆਗੂਆਂ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਸ਼ਿਕਾਇਤ ਮਿਲਣ ‘ਤੇ ਪੰਜਾਬ ਸਰਕਾਰ ਇਸ ਸਬੰਧੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਵੇਗੀ ਅਤੇ ਸਖ਼ਤ ਕਾਰਵਾਈ ਕਰੇਗੀ |

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਦੀਆਂ ਤੋਂ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਸਿੱਖਾਂ ਦਾ ਸਰਵਉੱਚ ਅਥਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਮੁੱਚੀ ਮਨੁੱਖਤਾ ਨੇ ਅਕਾਲੀ ਆਗੂਆਂ ਦਾ ਸ਼ਰਮਨਾਕ ਚਿਹਰਾ ਦੇਖ ਲਿਆ ਹੈ, ਜੋ ਆਪਣੇ ਨਿੱਜੀ ਹਿੱਤਾਂ ਲਈ ਜਥੇਦਾਰ ਸਾਹਿਬ ਦੀ ਦੀ ਅਥਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਅਥਾਰਟੀ ਦਾ ਅਪਮਾਨ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਮਾਨ (CM Bhagwant Mann) ਨੇ ਕਿਹਾ ਕਿ ਅਕਾਲੀ ਆਗੂਆਂ ਵੱਲੋਂ ਮਹਿਜ਼ ਇੱਕ ਪਰਿਵਾਰ ਦੀਆਂ ਸਿਆਸੀ ਆਗੂਆਂ ਨੂੰ ਖੁਸ਼ ਕਰਨ ਲਈ ਨਿੰਦਣਯੋਗ ਮਾੜਾ ਰਵੱਈਆ ਅਪਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੇ ਪੰਜਾਬ ਖਾਸ ਕਰਕੇ ਸਿੱਖ ਕੌਮ ਦਾ ਪਹਿਲਾਂ ਹੀ ਨਾ ਪੂਰਾ ਹੋਣ ਵਾਲਾ ਘਾਟਾ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਤਾਜ਼ਾ ਕਾਰਵਾਈ ਨੇ ਸਿੱਖ ਕੌਮ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਸ ਕਾਰਵਾਈ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।

ਬਿਆਨ ‘ਚ ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਸਾਹਿਬ ਨੂੰ ਧਮਕੀਆਂ ਦੇਣਾ, ਉਨ੍ਹਾਂ ਜਾਤੀਸੂਚਕ ਸ਼ਬਦਾਵਲੀ ਵਰਤਣਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਇਸ ਮਾਮਲੇ ਵਿੱਚ ਸਿੱਧੇ ਤੌਰ ‘ਤੇ ਦਖਲਅੰਦਾਜ਼ੀ ਨਹੀਂ ਕਰਦੀ ਪਰ ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਸਰਕਾਰ ਨੂੰ ਸ਼ਿਕਾਇਤ ਮਿਲਦੀ ਹੈ ਤਾਂ ਜਥੇਦਾਰ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਵਿਰੁੱਧ ਅਪਰਾਧ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਪਰਾਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਾਅਲੀ ਆਈ.ਡੀ.ਬਣਾਈ ਹੋਵੇ |

Scroll to Top