ਦਿੱਲੀ, 01 ਅਪ੍ਰੈਲ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸ਼ਾਮ ਨੂੰ ਪੱਛਮੀ ਏਸ਼ੀਆ ‘ਚ ਚੱਲ ਰਹੇ ਟਕਰਾਅ ਤੋਂ ਪੈਦਾ ਹੋਈ ਸਥਿਤੀ ਦੀ ਸਮੀਖਿਆ ਕਰਨ ਲਈ ਸੀਨੀਅਰ ਕੈਬਨਿਟ ਮੰਤਰੀਆਂ ਨਾਲ ਬੈਠਕ ਕਰਨਗੇ।ਇਸ ਬੈਠਕ ‘ਚ ਆਮ ਲੋਕਾਂ ਲਈ ਭੋਜਨ, ਊਰਜਾ ਅਤੇ ਬਾਲਣ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।
ਇਸ ਮੌਕੇ ਬੈਠਕ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਪਿਊਸ਼ ਗੋਇਲ, ਸ਼ਿਵਰਾਜ ਸਿੰਘ ਚੌਹਾਨ, ਜੇਪੀ ਨੱਡਾ, ਅਸ਼ਵਨੀ ਵੈਸ਼ਨਵ, ਮਨੋਹਰ ਲਾਲ ਖੱਟਰ, ਪ੍ਰਹਿਲਾਦ ਜੋਸ਼ੀ, ਕੇ. ਰਾਮਮੋਹਨ ਨਾਇਡੂ ਅਤੇ ਹਰਦੀਪ ਸਿੰਘ ਪੁਰੀ ਸਮੇਤ ਹੋਰ ਮੰਤਰੀਆਂ ਦੇ ਬੈਠਕ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਕੇ. ਮਿਸ਼ਰਾ ਅਤੇ ਸ਼ਕਤੀਕਾਂਤ ਦਾਸ ਅਤੇ ਕੈਬਨਿਟ ਸਕੱਤਰ ਟੀਵੀ ਸੋਮਨਾਥਨ ਵੀ ਮੌਜੂਦ ਰਹਿਣਗੇ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ‘ਚ ਚੱਲ ਰਹੇ ਭਿਆਨਕ ਯੁੱਧ ਤੋਂ ਪੈਦਾ ਹੋਈ ਸਥਿਤੀ ਨੂੰ ਚੁਣੌਤੀਪੂਰਨ ਦੱਸਿਆ। ਉਨ੍ਹਾਂ ਦੇਸ਼ ਵਾਸੀਆਂ ਨੂੰ ਇਸ ਸੰਕਟ ਦਾ ਇੱਕਜੁੱਟ ਹੋ ਕੇ ਸਾਹਮਣਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਸੰਕਟ ਦਾ ਰਾਜਨੀਤੀਕਰਨ ਕਰਨ ਵਾਲਿਆਂ ਨੂੰ ਵੀ ਚੇਤਾਵਨੀ ਦਿੱਤੀ, ਕਿਹਾ ਕਿ ਅਜਿਹੇ ਸਮੇਂ ‘ਚ ਸਵਾਰਥੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਅਫਵਾਹ ਫੈਲਾਉਣ ਵਾਲਿਆਂ ਨੂੰ ਦੇਸ਼ ਲਈ ਨੁਕਸਾਨਦੇਹ ਵੀ ਦੱਸਿਆ।
ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮਹੱਤਵਪੂਰਨ ਬੈਠਕ
ਇਸ ਤੋਂ ਪਹਿਲਾਂ, 22 ਮਾਰਚ ਨੂੰ ਪ੍ਰਧਾਨ ਮੰਤਰੀ ਨੇ ਸਥਿਤੀ ਦੀ ਸਮੀਖਿਆ ਕਰਨ ਲਈ ਮੰਤਰੀਆਂ ਅਤੇ ਅਧਿਕਾਰੀਆਂ ਦੇ ਉਸੇ ਸਮੂਹ ਨਾਲ ਵੀ ਮੁਲਾਕਾਤ ਕੀਤੀ ਸੀ। ਉਸ ਬੈਠਕ ‘ਚ ਆਮ ਲੋਕਾਂ ਦੀਆਂ ਜ਼ਰੂਰਤਾਂ ਦਾ ਮੁਲਾਂਕਣ ਕੀਤਾ ਸੀ, ਜਿਸ ‘ਚ ਭੋਜਨ, ਊਰਜਾ ਅਤੇ ਬਾਲਣ ਸੁਰੱਖਿਆ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਉਸ ਸਮੇਂ ਕਿਹਾ ਸੀ ਕਿ ਇਹ ਟਕਰਾਅ ਇੱਕ ਨਿਰੰਤਰ ਵਿਕਸਤ ਹੋ ਰਹੀ ਸਥਿਤੀ ਹੈ ਅਤੇ ਪੂਰੀ ਦੁਨੀਆ ਨੂੰ ਪ੍ਰਭਾਵਤ ਕਰ ਰਹੀ ਹੈ। ਇਸ ਲਈ, ਨਾਗਰਿਕਾਂ ਨੂੰ ਇਸਦੇ ਪ੍ਰਭਾਵਾਂ ਤੋਂ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਸਾਰੇ ਸਰਕਾਰੀ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਅਤੇ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Read More: ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਸਥਾਈ ਰਾਜਧਾਨੀ ਬਣਾਉਣ ਵਾਲਾ ਬਿੱਲ ਪਾਸ




