ਚੰਡੀਗੜ੍ਹ, 10 ਅਪ੍ਰੈਲ 2024: ਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਮਾਮਲੇ (Sandeshakhali case) ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਸੰਦੇਸ਼ਖਾਲੀ ਦੀਆਂ ਬੀਬੀਆਂ ਨੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਆਗੂਆਂ ‘ਤੇ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਅਤੇ ਜਬਰੀ ਜ਼ਮੀਨ ਹੜੱਪਣ ਦਾ ਦੋਸ਼ ਲਗਾਇਆ ਹੈ। ਮਾਮਲੇ ‘ਚ ਸ਼ਾਹਜਹਾਂ ਸ਼ੇਖ, ਸ਼ਿਬੂ ਹਾਜ਼ਰਾ ਅਤੇ ਉੱਤਮ ਸਰਦਾਰ ਮੁਲਜ਼ਮ ਹਨ ਅਤੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਕੋਲਕਾਤਾ ਹਾਈ ਕੋਰਟ ਦੀ ਬੈਂਚ ਨੇ ਬੁੱਧਵਾਰ ਨੂੰ ਸੰਦੇਸ਼ਖਾਲੀ (Sandeshakhali case) ਨਾਲ ਸਬੰਧਤ ਪੰਜ ਜਨਹਿੱਤ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਸੀਬੀਆਈ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਸੀਬੀਆਈ ਜਾਂਚ ਰਿਪੋਰਟ ਹਾਈ ਕੋਰਟ ਨੂੰ ਸੌਂਪੇਗੀ। ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਹੋਵੇਗੀ।
ਜਿਕਰਯੋਗ ਹੈ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਸੂਬੇ ਦੀ ਮਮਤਾ ਬੈਨਰਜੀ ਸਰਕਾਰ ਸੀਬੀਆਈ ਜਾਂਚ ਨੂੰ ਰੋਕ ਨਹੀਂ ਸਕੇਗੀ। ਦਰਅਸਲ, ਰਾਜ ਨਾਲ ਸਬੰਧਤ ਕਿਸੇ ਵੀ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਤੋਂ ਜਾਂਚ ਲਈ ਰਾਜ ਸਰਕਾਰ ਤੋਂ ਇਜਾਜ਼ਤ ਲੈਣੀ ਪੈਂਦੀ ਹੈ। ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਇਸ ਦੀ ਲੋੜ ਨਹੀਂ ਰਹੇਗੀ।