ਮੋਹਾਲੀ, 11 ਨਵੰਬਰ 2026: ਮੋਹਾਲੀ ਨਗਰ ਨਿਗਮ ਦੇ ਅਧਿਕਾਰ ਖੇਤਰ ‘ਚ ਆਉਂਦੇ ਪਿੰਡ ਮੌਲੀ ਬੈਦਵਾਣ ਦੇ ਵਸਨੀਕਾਂ ਦਾ ਫਿਰਨੀ ਅਤੇ ਸੜਕਾਂ ਦੇ ਨਿਰਮਾਣ ਸਬੰਧੀ ਕਰੀਬ 15 ਸਾਲਾਂ ਤੋਂ ਚੱਲਿਆ ਆ ਰਿਹਾ ਇੰਤਜ਼ਾਰ ਆਖ਼ਰਕਾਰ ਖ਼ਤਮ ਹੋ ਗਿਆ ਹੈ। ਮੋਹਾਲੀ ਨਗਰ ਨਿਗਮ ਵੱਲੋਂ ਪਿੰਡ ਦੀ ਫਿਰਨੀ ਅਤੇ ਅੰਦਰੂਨੀ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਨ੍ਹਾਂ ਵਿਕਾਸ ਕਾਰਜਾਂ ’ਤੇ ਕੁੱਲ 91.25 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਇਸ ਕੰਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਨਾਲ-ਨਾਲ ਨਿਗਮ ‘ਚ ਸ਼ਾਮਲ ਹੋਏ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਨਗਰ ਨਿਗਮ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਫਿਰਨੀ ਅਤੇ ਅੰਦਰੂਨੀ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਨੂੰ ਆਵਾਜਾਈ ‘ਚ ਵੱਡੀ ਰਾਹਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਸਮੇਂ ਪੇਸ਼ ਆਉਣ ਵਾਲੀਆਂ ਮੁਸ਼ਿਕਲਾਂ ਦੂਰ ਹੋਣਗੀਆਂ।
ਮੇਅਰ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਦੌਰਾਨ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਕਰਵਾਏ ਜਾਣਗੇ, ਤਾਂ ਜੋ ਪਿੰਡ ਵਾਸੀਆਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲੰਬੇ ਸਮੇਂ ਤੱਕ ਲਾਭ ਮਿਲ ਸਕੇ।
ਇਸ ਮੌਕੇ ਵਾਰਡ ਨੰਬਰ 26 ਦੇ ਕੌਂਸਲਰ ਸਤਵਿੰਦਰ ਸਿੰਘ ਮਿੱਠੂ ਨੇ ਪਿੰਡ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸੜਕਾਂ ਦੀ ਸਮੱਸਿਆ ਦੇ ਹੱਲ ਲਈ ਕੰਮ ਸ਼ੁਰੂ ਕਰਵਾਉਣ ’ਤੇ ਮੇਅਰ ਸਰਬਜੀਤ ਸਿੰਘ ਸਮਾਣਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੀ ਫਿਰਨੀ ਅਤੇ ਅੰਦਰੂਨੀ ਸੜਕਾਂ ਦੀ ਹਾਲਤ ‘ਚ ਵੱਡਾ ਸੁਧਾਰ ਆਵੇਗਾ ਅਤੇ ਪਿੰਡ ਵਾਸੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਾਬਕਾ ਸਰਪੰਚ ਗੁਰਸੇਵਕ ਸਿੰਘ ਪ੍ਰੇਮੀ, ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਭਾਗ ਸਿੰਘ, ਬੈਦਵਾਨ ਸਪੋਰਟਸ ਕਲੱਬ ਦੇ ਪ੍ਰਧਾਨ ਸੁਪਿੰਦਰ ਸਿੰਘ ਲਾਡੀ ਬੈਦਵਾਨ, ਮਨਪ੍ਰੀਤ ਸਿੰਘ, ਇੰਜੀਨੀਅਰ ਨਰੇਸ਼ ਬੱਤਾ, ਸੁਪਰਵਾਈਜ਼ਿੰਗ ਇੰਜੀਨੀਅਰ ਕਮਲਦੀਪ ਸਿੰਘ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜੂਦ ਸਨ।




