ਫਾਜ਼ਿਲਕਾ, 24 ਅਪ੍ਰੈਲ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਦੇਖਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ 24 ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫ਼ਤਾ (World Immunization Week) ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਡੀਸਨ ਐਰਿਕ ਨੇ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਬੀਬੀਆਂ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਸ਼ੁਰੂ ਹੋ ਗਈ ਹੈ ਅਤੇ 30 ਅਪ੍ਰੈਲ ਤੱਕ ਨਿਰੰਤਰ ਜਾਰੀ ਰਹੇਗੀ।
ਅੱਜ ਦਫ਼ਤਰ ਸਿਵਲ ਸਰਜਨ ਵਿਖੇ ਕਮਿਉਨਿਟੀ ਹੈਲਥ ਅਫ਼ਸਰਾਂ ਦੀ ਵਰਕਸ਼ਾਪ ਦੋਰਾਨ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫਾਜਿਲਕਾ ਜਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰਗ੍ਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹੋਰ ਬਿਮਾਰੀਆਂ ਤੋਂ ਵੀ ਮੁਕਤੀ ਪਾਈ ਜਾਵੇਗੀ।
ਉਹਨਾਂ ਦੱਸਿਆ ਕਿ ਵਿਸ਼ਵ ਟੀਕਾਕਰਨ ਹਫ਼ਤੇ (World Immunization Week) ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਬੀਬੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ, ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ, ਸਲੱਮ ਏਰੀਏ, ਭੱਠੇ, ਫੈਕਟਰੀਆਂ ਆਦਿ ਤੇ ਵੀ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਾ. ਕਵਿਤਾ ਨੇ ਸਮੂਹ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।